ਸ਼ੇਰਪੁਰ/ਧੂਰੀ, 4 ਅਕਤੂਬਰ:- ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਲਕਾ ਧੂਰੀ ਦੇ ਪਿੰਡ ਮੂਲੋਵਾਲ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਡੋਰ-ਟੂ-ਡੋਰ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਲਾਗੂ ਕੀਤੀਆਂ ਜਾ ਰਹੀਆਂ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਸ. ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰ ਦੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਲੋਕਾਂ ਤੱਕ ਸਿੱਧੇ ਤੌਰ ’ਤੇ ਪਹੁੰਚਾਉਣਾ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ, ਬੁਨਿਆਦੀ ਢਾਂਚੇ ਅਤੇ ਸਮਾਜਿਕ ਭਲਾਈ ਦੇ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਸੂਬੇ ਦੇ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸੁਣੇ ਅਤੇ ਭਰੋਸਾ ਦਿੱਤਾ ਕਿ ਲੋਕਾਂ ਨਾਲ ਸਬੰਧਤ ਮਾਮਲਿਆਂ ਨੂੰ ਯੋਗ ਪੱਧਰ ’ਤੇ ਉਠਾ ਕੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਪਿੰਡ ਦੇ ਵਸਨੀਕਾਂ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪਹੁੰਚ ਕਰਨ ਲਈ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦਾ ਸਵਾਗਤ ਕੀਤਾ ਗਿਆ।
