ਊਨਾ, 15 ਅਕਤੂਬਰ:- ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਮਾਲ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਮਾਲ ਰਿਕਾਰਡ ਵਿੱਚ ਸੁਧਾਰ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦਾ ਨਿਪਟਾਰਾ 15 ਦਸੰਬਰ ਤੱਕ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਇਸ ਮਾਮਲੇ ’ਤੇ ਵਿਸ਼ੇਸ਼ ਧਿਆਨ ਦੇ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਨ੍ਹਾਂ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਨਿਪਟਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਨਿਸ਼ਾਨਦੇਹੀ (ਡਿਮਾਰਕੇਸ਼ਨ) ਅਤੇ ਤਕਸੀਮ (ਪਾਰਟੀਸ਼ਨ) ਦੇ ਲੰਬਿਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਅਤੇ ਇੰਤਕਾਲ (ਮਿਊਟੇਸ਼ਨ) ਤੇ ਜਮ੍ਹਾਂਬੰਦੀ ਨਾਲ ਸਬੰਧਤ ਮਾਮਲਿਆਂ ਦੀ ਪੈਂਡੈਂਸੀ ਘਟਾਉਣ ਦੇ ਨਿਰਦੇਸ਼ ਵੀ ਦਿੱਤੇ। ਉਹ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮਾਲ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਇਸ਼ਾਂਤ ਜਸਵਾਲ, ਸਾਰੇ ਐੱਸਡੀਐੱਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਜ਼ਿਲ੍ਹੇ ਦੇ ਹੋਰ ਮਾਲ ਅਧਿਕਾਰੀ ਮੌਜੂਦ ਸਨ।
ਜਤਿਨ ਲਾਲ ਨੇ ਅਧਿਕਾਰੀਆਂ ਨੂੰ ਲੰਬਿਤ ਮਾਮਲਿਆਂ ਦੀ ਨਿਯਮਿਤ ਸਮੀਖਿਆ ਕਰਨ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਉਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਵਿਭਾਗੀ ਜ਼ਮੀਨ ਤਬਦੀਲ ਕਰਨ ਵਿੱਚ ਹੋ ਰਹੀ ਦੇਰੀ ਦੂਰ ਕਰੋ
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਪ੍ਰਾਜੈਕਟਾਂ ਅਤੇ ਉਸਾਰੀ ਕਾਰਜਾਂ ਲਈ ਜ਼ਮੀਨ ਤਬਦੀਲ ਕਰਨ ਦੀ ਸਥਿਤੀ ਦੀ ਉਪਮੰਡਲਵਾਰ ਸਮੀਖਿਆ ਕੀਤੀ। ਉਨ੍ਹਾਂ ਲੰਬਿਤ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਜ਼ਮੀਨ ਤਬਦੀਲ ਕਰਨ ਵਿੱਚ ਦੇਰੀ ਕਾਰਨ ਵਿਕਾਸ ਕਾਰਜ ਪ੍ਰਭਾਵਿਤ ਨਾ ਹੋਣ। ਉਨ੍ਹਾਂ ਪੰਚਾਇਤਾਂ ਵੱਲੋਂ ਜ਼ਮੀਨ ਤਬਦੀਲ ਕਰਨ ਲਈ ਭੇਜੇ ਗਏ ਮਾਮਲਿਆਂ ਵਿੱਚ ਖੰਡ ਵਿਕਾਸ ਅਧਿਕਾਰੀਆਂ (ਬੀਡੀਓ) ਦੀਆਂ ਸਿਫ਼ਾਰਸ਼ਾਂ ਸ਼ਾਮਲ ਕਰਨ ਲਈ ਵੀ ਕਿਹਾ।
ਸਵਾਮਿਤਵ ਯੋਜਨਾ ਦੇ ਕੰਮ ਵਿੱਚ ਤੇਜ਼ੀ ਲਿਆਓ
ਡਿਪਟੀ ਕਮਿਸ਼ਨਰ ਨੇ ਸਵਾਮਿਤਵ ਯੋਜਨਾ ਤਹਿਤ ਜ਼ਿਲ੍ਹੇ ਦੇ ਉਨ੍ਹਾਂ ਸਾਰੇ ਮਹਾਲਾਂ ਦੇ ਨਕਸ਼ੇ ਜਲਦੀ ਅਪਲੋਡ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਇਹ ਕੰਮ ਲੰਬਿਤ ਹੈ। ਜ਼ਿਲ੍ਹੇ ਦੇ 175 ਪਟਵਾਰ ਸਰਕਲਾਂ ਵਿੱਚ ਤਾਇਨਾਤ ਪਟਵਾਰੀਆਂ ਨੂੰ ਯੋਜਨਾ ਦੇ ਅਗਲੇ ਪੜਾਵਾਂ ਲਈ ਲੋੜੀਂਦੀ ਸਿਖਲਾਈ ਦੇਣ ਅਤੇ ਉਨ੍ਹਾਂ ਦੇ ਸਵਾਲਾਂ ਤੇ ਤਕਨੀਕੀ ਸਮੱਸਿਆਵਾਂ ਦਾ ਹੱਲ ਕਰਨ ਲਈ ਕਿਹਾ। ਚੂਨਾ ਮਾਰਕਿੰਗ ਅਤੇ ਡਰੋਨ ਮੈਪਿੰਗ ਦਾ ਕੰਮ ਪੂਰਾ ਹੋਣ ਤੋਂ ਬਾਅਦ ਅਗਲੀ ਪ੍ਰਕਿਰਿਆ ਨੂੰ ਨਿਰਧਾਰਤ ਸਮੇਂ ਅਨੁਸਾਰ ਅੱਗੇ ਵਧਾਉਣ ’ਤੇ ਜ਼ੋਰ ਦਿੱਤਾ।
ਉਨ੍ਹਾਂ ਮਾੜੀ ਹਾਲਤ ਵਾਲੀਆਂ ਪਟਵਾਰ ਇਮਾਰਤਾਂ ਸਬੰਧੀ ਪ੍ਰਸਤਾਵ ਭੇਜਣ ਦੇ ਨਿਰਦੇਸ਼ ਵੀ ਦਿੱਤੇ। ਇਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਵਾਸਤੇ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਆਫ਼ਤ ਕਾਰਨ ਪੂਰੀ ਤਰ੍ਹਾਂ ਨੁਕਸਾਨੇ ਗਏ ਮਕਾਨਾਂ ਲਈ ਵਿਸ਼ੇਸ਼ ਰਾਹਤ ਪੈਕੇਜ ਤਹਿਤ ਵੰਡੀ ਗਈ ਸਹਾਇਤਾ ਰਾਸ਼ੀ ਦੀ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਸਰਕਾਰ ਦੀ ਵਿਵਸਥਾ ਤਹਿਤ ਬੇਜ਼ਮੀਨੇ ਪਰਿਵਾਰਾਂ ਨੂੰ ਦੋ ਅਤੇ ਤਿੰਨ ਬਿਸਵਾ ਜ਼ਮੀਨ ਮੁਹੱਈਆ ਕਰਵਾਉਣ ਨਾਲ ਸਬੰਧਤ ਮਾਮਲਿਆਂ ਦੀ ਵੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਐੱਸਡੀਐੱਮ ਅਦਾਲਤਾਂ ਵਿੱਚ ਲੰਬਿਤ ਨਾਜਾਇਜ਼ ਕਬਜ਼ਿਆਂ ਨਾਲ ਸਬੰਧਤ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
5 ਨਵੰਬਰ ਤੋਂ ਸ਼ੁਰੂ ਹੋਵੇਗੀ ਡਾਟਾ ਇਕੱਠਾ ਕਰਨ ਦੀ ਮੁਹਿੰਮ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜਨਗਣਨਾ ਹੈਂਡਬੁੱਕ ਤਿਆਰ ਕਰਨ ਲਈ ਡਾਟਾ ਇਕੱਠਾ ਕਰਨ ਦੀ ਮੁਹਿੰਮ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਹ ਮੁਹਿੰਮ 5 ਨਵੰਬਰ ਤੋਂ ਇੱਕ ਮਹੀਨੇ ਤੱਕ ਚੱਲੇਗੀ। ਇਸ ਕੰਮ ਵਿੱਚ ਪਟਵਾਰੀਆਂ ਦੀ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ 27 ਅਕਤੂਬਰ ਨੂੰ ਉਨ੍ਹਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਵੇਗਾ।
