ਨਵਾਂ ਸ਼ਹਿਰ, 12 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐਮ.ਐਫ.) ਦੀ ਮੀਟਿੰਗ ਹੋਈ। ਇਸ ਦੌਰਾਨ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ, ਮਾਈਨਿੰਗ ਸਾਈਟਾਂ ਦੀ ਵਾਤਾਵਰਣ ਨਿਗਰਾਨੀ ਅਤੇ ਵੱਖ-ਵੱਖ ਵਿਕਾਸ ਕਾਰਜਾਂ ਲਈ ਡੀ.ਐਮ.ਐਫ. ਫੰਡ ਦੀ ਵਰਤੋਂ ਸਬੰਧੀ ਏਜੰਡੇ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਦੀ ਰੋਕਥਾਮ ਲਈ ਵਿਭਾਗੀ ਅਧਿਕਾਰੀਆਂ ਨੂੰ ਨਿਯਮਤ ਚੈਕਿੰਗ ਅਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੇ ਨਾਲ-ਨਾਲ ਓਵਰਲੋਡਿੰਗ ਅਤੇ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਵਾਹਨਾਂ ਦੇ ਸੈਕਸ਼ਨ 74-75 ਤਹਿਤ ਚਲਾਨ ਵੀ ਕੀਤੇ ਜਾ ਰਹੇ ਹਨ। ਇਸ ਕਾਰਵਾਈ ਤਹਿਤ 1 ਅਪ੍ਰੈਲ ਤੋਂ 31 ਅਕਤੂਬਰ 2026 ਤੱਕ 21,23,591 ਰੁਪਏ ਦੇ ਚਲਾਨ ਕੀਤੇ ਗਏ ਹਨ।

ਅਧਿਕਾਰੀਆਂ ਨੇ ਦੱਸਿਆ ਕਿ 30 ਸਤੰਬਰ 2026 ਤੱਕ ਡੀ.ਐਮ.ਐਫ. ਖਾਤੇ ਵਿੱਚ 1 ਕਰੋੜ 46 ਲੱਖ 23 ਹਜ਼ਾਰ 734 ਰੁਪਏ 74 ਪੈਸੇ ਦੀ ਰਕਮ ਮੌਜੂਦ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਖੇਡ ਮੈਦਾਨ ਸਕੀਮ ਤਹਿਤ ਜ਼ਿਲ੍ਹੇ ਵਿੱਚ ਬਣਨ ਵਾਲੇ ਖੇਡ ਸਟੇਡੀਅਮ ਲਈ 40 ਲੱਖ ਰੁਪਏ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਅਧਿਕਾਰੀ, ਨਵਾਂ ਸ਼ਹਿਰ ਨੂੰ ਜਾਰੀ ਕਰਨ ਸਬੰਧੀ ਪ੍ਰਸਤਾਵ ਵੀ ਮੀਟਿੰਗ ਵਿੱਚ ਰੱਖਿਆ ਗਿਆ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਿੰਗ ਗਤੀਵਿਧੀਆਂ ਨਿਯਮਾਂ ਅਨੁਸਾਰ ਚਲਾਈਆਂ ਜਾਣ, ਕੁਦਰਤੀ ਸਰੋਤਾਂ ਦੀ ਸੰਭਾਲ ਕੀਤੀ ਜਾਵੇ ਅਤੇ ਡੀ.ਐਮ.ਐਫ. ਫੰਡ ਦੀ ਪਾਰਦਰਸ਼ੀ ਢੰਗ ਨਾਲ ਲੋਕ-ਹਿੱਤ ਵਿੱਚ ਵਰਤੋਂ ਯਕੀਨੀ ਬਣਾਈ ਜਾਵੇ।