ਨਵਾਂਸ਼ਹਿਰ:- ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਐਲ.ਪੀ.ਜੀ. ਸਿਲੰਡਰਾਂ, ਪੈਟਰੋਲ ਅਤੇ ਡੀਜ਼ਲ ਦੀ ਉਪਲਬਧਤਾ ਅਤੇ ਸਪਲਾਈ ਸਥਿਤੀ ਦਾ ਜਾਇਜ਼ਾ ਲੈਣ ਲਈ ਪੈਟਰੋਲ ਪੰਪ ਮਾਲਕਾਂ ਅਤੇ ਐਲ.ਪੀ.ਜੀ. ਡੀਲਰਸ਼ਿਪ ਹੋਲਡਰਾਂ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਿਤ ਧਿਰਾਂ ਨਾਲ ਵਿਸਥਾਰਪੂਰਵਕ ਚਰਚਾ ਕਰਦਿਆਂ ਜ਼ਰੂਰੀ ਰਸੋਈ  ਗੈਸ, ਪੈਟਰੋਲ ਅਤੇ ਡੀਜਲ ਦੇ ਮੌਜੂਦਾ ਭੰਡਾਰ ਅਤੇ ਰੋਜ਼ਾਨਾ ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲਿਆ। 
ਉਨ੍ਹਾਂ ਸਾਰੇ ਪੈਟਰੋਲ ਪੰਪ ਸੰਚਾਲਕਾਂ ਅਤੇ ਗੈਸ ਏਜੰਸੀ ਹੋਲਡਰਾਂ ਨੂੰ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਅਤੇ ਸੁਚਾਰੂ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਘਾਟ ਨਾ ਹੋਣ ਦਾ ਭਰੋਸਾ ਦਿੰਦਿਆਂ ਸ੍ਰੀ ਔਲਖ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਸਿਲੰਡਰਾਂ ਦੀ ਬੇਲੋੜੀ ਖਰੀਦਦਾਰੀ ਜਾਂ ਭੰਡਾਰਨ ਨਾ ਕਰਨ, ਕਿਉਂਕਿ ਇਸ ਨਾਲ ਨਕਲੀ ਘਾਟ ਪੈਦਾ ਹੋ ਸਕਦੀ ਹੈ ਅਤੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 
ਉਨ੍ਹਾਂ ਡੀਲਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਅਤੇ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਵੀ ਕਿਹਾ, ਤਾਂ ਜੋ ਲੋਕਾਂ ਨੂੰ ਜ਼ਰੂਰੀ ਵਸਤੂਆਂ ਆਸਾਨੀ ਨਾਲ ਉਪਲਬਧ ਰਹਿ ਸਕਣ।