ਸੁਨਾਮ, 18 ਨਵੰਬਰ:- ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੁਨਾਮ ਹਲਕੇ ਦੀਆਂ ਕਈ ਦਹਾਕਿਆਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਸਿਹਤ, ਸਿੱਖਿਆ, ਸਿੰਚਾਈ ਅਤੇ ਬੁਨਿਆਦੀ ਢਾਂਚੇ ਦੇ ਖੇਤਰਾਂ ਵਿੱਚ ਕੰਮ ਕੀਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਆਪਣੇ ਕਾਰਜਕਾਲ ਦਾ ਲੇਖਾ-ਜੋਖਾ ਪੇਸ਼ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦਾ ਧਿਆਨ ਸਿਰਫ਼ ਐਲਾਨ ਕਰਨ ਦੀ ਬਜਾਏ ਲੋਕਾਂ ਤੱਕ ਵਿਕਾਸ ਕਾਰਜਾਂ ਦਾ ਲਾਭ ਪਹੁੰਚਾਉਣ ’ਤੇ ਰਿਹਾ ਹੈ।

ਅਮਨ ਅਰੋੜਾ ਨੇ ਦੱਸਿਆ ਕਿ ਹਲਕੇ ਵਿੱਚ ਪਾਣੀ ਦੀਆਂ ਭੂਮੀਗਤ ਪਾਈਪਲਾਈਨਾਂ ਵਿਛਾਉਣ ਦੇ ਨਾਲ ਸੁਨਾਮ, ਚੀਮਾ ਅਤੇ ਲੌਂਗੋਵਾਲ ਵਿੱਚ ਸ਼ਮਸ਼ਾਨਘਾਟਾਂ ਅਤੇ ਹਸਪਤਾਲਾਂ ਦੇ ਨਵੀਨੀਕਰਨ ਦੇ ਕੰਮ ਕੀਤੇ ਗਏ ਹਨ। ਸੁਨਾਮ ਸ਼ਹਿਰ ਵਿੱਚ ਸੀਵਰੇਜ ਪ੍ਰਣਾਲੀ ਦਾ ਕੰਮ ਜਾਰੀ ਹੈ ਅਤੇ ਨਵਾਂ ਬੱਸ ਸਟੈਂਡ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਰੋਡ ਨੂੰ ਚੌੜਾ ਕਰਨ ਨਾਲ ਆਵਾਜਾਈ ਸੁਖਾਲੀ ਹੋਈ ਹੈ, ਜਦਕਿ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਵਿਖੇ 22 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਦੀ ਉਸਾਰੀ ਚੱਲ ਰਹੀ ਹੈ।

ਸਿਹਤ ਸਹੂਲਤਾਂ ਬਾਰੇ ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਸੁਨਾਮ ਵਿਖੇ ਟਰਾਮਾ ਸੈਂਟਰ, ਬਲੱਡ ਬੈਂਕ, ਜੱਚਾ-ਬੱਚਾ ਸੰਭਾਲ ਹਸਪਤਾਲ, ਦਵਾਈਆਂ ਦਾ ਵੇਅਰਹਾਊਸ ਅਤੇ ਨਵਾਂ ਓ.ਪੀ.ਡੀ. ਬਲਾਕ ਵਰਗੀਆਂ ਸਹੂਲਤਾਂ ਵਿਕਸਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਬੰਧਾਂ ਦਾ ਮਕਸਦ ਮਰੀਜ਼ਾਂ ਨੂੰ ਆਪਣੇ ਇਲਾਕੇ ਵਿੱਚ ਹੀ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਹੈ।

ਟਰਾਮਾ ਸੈਂਟਰ ਬਾਰੇ ਵਿਰੋਧੀ ਧਿਰ ਦੀ ਆਲੋਚਨਾ ਦਾ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਨਵੀਂ ਸਹੂਲਤ ਦੇ ਸ਼ੁਰੂ ਹੋਣ ਦੇ ਕੁਝ ਮਹੀਨਿਆਂ ਅੰਦਰ ਹੀ ਉਸ ਨੂੰ ‘ਰੈਫਰ ਸੈਂਟਰ’ ਕਹਿਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੰਮੇ ਸਮੇਂ ਤੋਂ ਚੱਲੀਆਂ ਆ ਰਹੀਆਂ ਲੋੜਾਂ ਨੂੰ ਪੂਰਾ ਕਰਨ ਲਈ ਸ਼ੁਰੂ ਕੀਤੇ ਪ੍ਰੋਜੈਕਟਾਂ ਦਾ ਮੁਲਾਂਕਣ ਜ਼ਮੀਨੀ ਪੱਧਰ ’ਤੇ ਹੋਏ ਕੰਮ ਅਤੇ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦੇ ਆਧਾਰ ’ਤੇ ਹੋਣਾ ਚਾਹੀਦਾ ਹੈ।

ਕਿਸਾਨਾਂ ਲਈ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਿੰਚਾਈ ਲਈ ਪਾਣੀ ਅਤੇ ਖੇਤੀਬਾੜੀ ਲਈ ਬਿਜਲੀ ਕਿਸਾਨਾਂ ਦੀਆਂ ਮੁੱਖ ਲੋੜਾਂ ਹਨ। ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਗਏ ਹਨ। ਇਸ ਨਾਲ ਖੇਤਾਂ ਤੱਕ ਪਾਣੀ ਦੀ ਪਹੁੰਚ ਬਿਹਤਰ ਬਣਾਉਣ ਵਿੱਚ ਮਦਦ ਮਿਲੀ ਹੈ।

ਸਿੱਖਿਆ ਖੇਤਰ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਸੁਨਾਮ ਦੇ ਲੜਕਿਆਂ ਅਤੇ ਲੜਕੀਆਂ ਦੇ ਸਕੂਲਾਂ ਦੇ ਨਾਲ ਲੌਂਗੋਵਾਲ ਦੇ ਸਕੂਲ ਵਿੱਚ ਵੀ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਦੀਆਂ ਲੋੜਾਂ ਮੁਤਾਬਕ ਨਵੀਆਂ ਲੈਬਾਂ, ਵਾਧੂ ਕਮਰੇ, ਖੇਡ ਸਹੂਲਤਾਂ ਅਤੇ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਦਾ ਕੰਮ ਜਾਰੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਲਈ ਢੁੱਕਵਾਂ ਮਾਹੌਲ ਮਿਲੇ।

ਭਵਿੱਖ ਦੇ ਪ੍ਰੋਜੈਕਟਾਂ ਸਬੰਧੀ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਕਿਸੇ ਕੰਮ ਦਾ ਐਲਾਨ ਕਰਨ ਤੋਂ ਪਹਿਲਾਂ ਉਸ ਦੀ ਵਿਭਾਗੀ ਪ੍ਰਕਿਰਿਆ ਅਤੇ ਲੋੜੀਂਦੀ ਤਿਆਰੀ ਪੂਰੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਸਾਡਾ ਵਿਸ਼ਵਾਸ ਸਿਰਫ਼ ਨੀਂਹ ਪੱਥਰ ਰੱਖਣ ਵਿੱਚ ਨਹੀਂ, ਸਗੋਂ ਕੰਮ ਨੂੰ ਜ਼ਮੀਨੀ ਪੱਧਰ ’ਤੇ ਲਿਆ ਕੇ ਮੁਕੰਮਲ ਕਰਨ ਵਿੱਚ ਹੈ।” ਉਨ੍ਹਾਂ ਮੀਡੀਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਵਿਕਾਸ ਕਾਰਜਾਂ ਬਾਰੇ ਲੋਕਾਂ ਤੋਂ ਸਿੱਧੀ ਜਾਣਕਾਰੀ ਲੈਣ।