ਚੰਡੀਗੜ੍ਹ:- ਵਿਸ਼ਵ ਪੰਜਾਬੀ ਪ੍ਰਚਾਰ ਸਭਾ, ਚੰਡੀਗੜ੍ਹ ਵੱਲੋਂ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਗਈ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਹਾੜੇ ਮੌਕੇ 16 ਅਕਤੂਬਰ 2026 ਨੂੰ ਜਨਤਕ ਛੁੱਟੀ ਐਲਾਨੀ ਜਾਵੇ।
ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਜਨਰਲ ਸਕੱਤਰ ਅਵਤਾਰ ਸਿੰਘ ਮਹਿਤਪੁਰੀ, ਮੀਤ ਪ੍ਰਧਾਨ ਭੁਪਿੰਦਰ ਭਾਗੋਮਾਜਰੀਆ, ਕਾਰਜਕਾਰੀ ਸਕੱਤਰ ਰਾਜ ਕੁਮਾਰ ਸਾਹੋਵਾਲੀਆ ਅਤੇ ਪ੍ਰੈੱਸ ਸਕੱਤਰ ਬੀਬੀ ਬਲਜਿੰਦਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਵੱਡੇ ਪੱਧਰ ’ਤੇ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀ ਨੇ ਸਰਹਿੰਦ ਵਿਰੁੱਧ ਇਤਿਹਾਸਕ ਸੰਘਰਸ਼ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਉਹ ਅਦੁੱਤੀ ਸ਼ਕਤੀ ਦੇ ਪ੍ਰਤੀਕ ਸਨ। ਇਸ ਸਾਲ ਉਨ੍ਹਾਂ ਦਾ ਜਨਮ ਦਿਹਾੜਾ 16 ਅਕਤੂਬਰ 2026 ਨੂੰ ਆ ਰਿਹਾ ਹੈ। ਸਭਾ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਜਨਤਕ ਛੁੱਟੀ ਦੀ ਮੰਗ ਕੀਤੀ ਹੈ।
ਇਸ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਵੱਲੋਂ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਛੁੱਟੀ ਐਲਾਨਣ ਦੀ ਅਪੀਲ ਕੀਤੀ ਜਾ ਚੁੱਕੀ ਹੈ। ਪ੍ਰਿੰਸੀਪਲ ਗੋਸਲ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਕੁਰਬਾਨੀ ਨੂੰ ਸਮਰਪਿਤ ਯਤਨਾਂ ਲਈ ਵਿਸ਼ਵ ਪੰਜਾਬੀ ਪ੍ਰਚਾਰ ਸਭਾ, ਚੰਡੀਗੜ੍ਹ, ਫਾਊਂਡੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਦਾ ਦਿਲੋਂ ਧੰਨਵਾਦ ਕਰਦੀ ਹੈ।
ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਬਾਬਾ ਜੀ ਦੀ ਯਾਦ ਨੂੰ ਸਦੀਵੀ ਬਣਾਉਣ ਦੇ ਉਦੇਸ਼ ਨਾਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਕਬਾ ਵਿੱਚ ਵੱਡੀ ਸੋਚ ਨਾਲ ਇਕ ਵਿਲੱਖਣ ਅਜਾਇਬ ਘਰ ਬਣਾਇਆ ਗਿਆ ਹੈ, ਜੋ ਸੰਗਤ ਦੇ ਦਰਸ਼ਨਾਂ ਯੋਗ ਹੈ।
ਉਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਸਮਾਂ ਮਿਲਣ ’ਤੇ ਇਸ ਵਿਲੱਖਣ ਅਜਾਇਬ ਘਰ ਦੇ ਦਰਸ਼ਨ ਕਰਨ ਅਤੇ ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਨ। ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਪ੍ਰਚਾਰ ਸਭਾ, ਚੰਡੀਗੜ੍ਹ ਦੇ ਸਾਰੇ ਅਹੁਦੇਦਾਰ ਵੀ ਇਸ ਵਿਲੱਖਣ ਸਿੱਖ ਅਜਾਇਬ ਘਰ ਨੂੰ ਦੇਖਣ ਦੇ ਇੱਛੁਕ ਹਨ ਅਤੇ ਇਸ ਲਈ ਜਲਦੀ ਹੀ ਪ੍ਰੋਗਰਾਮ ਉਲੀਕਿਆ ਜਾਵੇਗਾ।
