ਗੜ੍ਹਸ਼ੰਕਰ, 7 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਸੀਪੀਆਈ(ਐੱਮ) ਦੇ ਜ਼ਿਲ੍ਹਾ ਸਕੱਤਰ ਅਤੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਗੜ੍ਹਸ਼ੰਕਰ ਦੇ ਨੰਗਲ ਰੋਡ ਅਤੇ ਮਾਹਿਲਪੁਰ-ਜੇਜੋ ਰੋਡ ’ਤੇ ਗੈਰ-ਕਾਨੂੰਨੀ ਮਾਈਨਿੰਗ ਨਾਲ ਜੁੜੇ ਓਵਰਲੋਡ ਟਿੱਪਰਾਂ ਅਤੇ ਹੋਰ ਭਾਰੀ ਵਾਹਨਾਂ ਦੇ ਸ਼ਹਿਰ ਵਿੱਚ ਦਾਖ਼ਲੇ ਅਤੇ ਆਵਾਜਾਈ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ, ਪਰ ਇਨ੍ਹਾਂ ਹੁਕਮਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਹੋ ਰਹੀ।

ਉਨ੍ਹਾਂ ਕਿਹਾ ਕਿ ਬਿਨਾਂ ਨੰਬਰ ਪਲੇਟਾਂ ਵਾਲੇ ਟਿੱਪਰ ਅਤੇ ਹੋਰ ਭਾਰੀ ਵਾਹਨ ਨਿਰਧਾਰਤ ਸਮੇਂ ਤੋਂ ਪਹਿਲਾਂ ਵੀ ਸੜਕਾਂ ’ਤੇ ਚੱਲ ਰਹੇ ਹਨ। ਇਹ ਵਾਹਨ ਆਮ ਲੋਕਾਂ ਦੀ ਜਾਨ-ਮਾਲ ਲਈ ਗੰਭੀਰ ਖ਼ਤਰਾ ਬਣੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪਹਾੜਾਂ ਦੀ ਲਗਾਤਾਰ ਕਟਾਈ ਹੋ ਰਹੀ ਹੈ, ਜਿਸ ਨਾਲ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ।

ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਕਿਹਾ ਕਿ ਓਵਰਲੋਡ ਟਿੱਪਰਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਦੇ ਨਾਲ-ਨਾਲ ਬਿਨਾਂ ਨੰਬਰ ਵਾਲੇ ਵਾਹਨਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਅਤੇ ਮਾਈਨਿੰਗ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵੱਲੋਂ ਜਾਰੀ ਹੁਕਮਾਂ ਨੂੰ ਜ਼ਮੀਨੀ ਪੱਧਰ ’ਤੇ ਸਖ਼ਤੀ ਨਾਲ ਲਾਗੂ ਕਰਵਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਅਤੇ ਵਾਤਾਵਰਨ ਦੀ ਰੱਖਿਆ ਲਈ ਡੀਸੀ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਗੈਰ-ਕਾਨੂੰਨੀ ਮਾਈਨਿੰਗ, ਓਵਰਲੋਡ ਅਤੇ ਬਿਨਾਂ ਨੰਬਰ ਵਾਲੇ ਟਿੱਪਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।