ਹੁਸ਼ਿਆਰਪੁਰ, 30 ਜੁਲਾਈ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ 'ਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬੰਬਾਹ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਅਤੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਹੋਈ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਉਨ੍ਹਾਂ ਵਿਭਾਗਾਂ ਦੇ ਕੰਮਕਾਜ ਅਤੇ ਚੱਲ ਰਹੇ ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ।
ਮੀਟਿੰਗ ਦੌਰਾਨ ਸੜਕ ਸੁਰੱਖਿਆ ਸਬੰਧੀ ਸਮੀਖਿਆ ਕਰਦਿਆਂ ਡਾ. ਬੰਬਾਹ ਨੇ ਹਾਦਸਾ-ਪ੍ਰਭਾਵਿਤ ਬਲੈਕ ਸਪਾਟਾਂ ਦੀ ਪਛਾਣ ਕਰਕੇ ਉੱਥੇ ਲੋੜੀਂਦੇ ਸੁਰੱਖਿਆ ਉਪਾਅ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਸੜਕ ਹਾਦਸਿਆਂ ਵਿੱਚ ਕਮੀ ਲਿਆਂਦੀ ਜਾ ਸਕੇ। ਉਨ੍ਹਾਂ ਰਾਹਵੀਰ (ਗੁੱਡ ਸਮੈਰੀਟਨ) ਅਤੇ ਫਰਿਸ਼ਤੇ ਯੋਜਨਾ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ 'ਤੇ ਵੀ ਜ਼ੋਰ ਦਿੱਤਾ।
ਟਰਾਂਸਪੋਰਟ ਵਿਭਾਗ ਵੱਲੋਂ ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਮਈ ਮਹੀਨੇ ਦੌਰਾਨ 44 ਅਤੇ ਜੂਨ ਮਹੀਨੇ ਦੌਰਾਨ 40 ਸੜਕ ਸੁਰੱਖਿਆ ਜਾਗਰੂਕਤਾ ਕੈਂਪ ਲਗਾਏ ਗਏ। ਇਸ ਤੋਂ ਇਲਾਵਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ 110 ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 23 ਵਾਹਨਾਂ ਦੇ ਚਲਾਨ ਕੱਟੇ ਗਏ।
ਪੁਲਿਸ ਵਿਭਾਗ ਵੱਲੋਂ ਦੱਸਿਆ ਗਿਆ ਕਿ ਇਨਫੋਰਸਮੈਂਟ ਡਰਾਈਵ ਤਹਿਤ ਮਈ ਮਹੀਨੇ ਵਿੱਚ 6,015 ਅਤੇ ਜੂਨ ਮਹੀਨੇ ਵਿੱਚ 5,078 ਟਰੈਫਿਕ ਚਲਾਨ ਕੀਤੇ ਗਏ।
ਇਸ ਤੋਂ ਬਾਅਦ ਏ.ਡੀ.ਸੀ. ਨੇ ਜੀ.ਐੱਸ.ਟੀ., ਆਬਕਾਰੀ ਵਿਭਾਗ, ਜ਼ਿਲ੍ਹਾ ਵਾਤਾਵਰਣ ਕਮੇਟੀ, ਯੂ.ਈ.ਆਈ.ਪੀ., ਸਵੱਛ ਭਾਰਤ ਮਿਸ਼ਨ (ਸ਼ਹਿਰੀ), ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਯੂ.ਆਈ.ਈ.ਪੀ. ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਮੇਤ ਹੋਰ ਵਿਭਾਗਾਂ ਅਤੇ ਯੋਜਨਾਵਾਂ ਦੀ ਵੀ ਸਮੀਖਿਆ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ, ਗੁਣਵੱਤਾ ਅਤੇ ਸਮੇਂਬੱਧਤਾ ਨੂੰ ਯਕੀਨੀ ਬਣਾਉਣਾ ਹੈ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
ਇਸ ਉਪਰੰਤ ਡਾ. ਨਿਧੀ ਕੁਮੁਦ ਬੰਬਾਹ ਨੇ ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਵੱਖ-ਵੱਖ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਿਤ ਟੀਚੇ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾਵਾਂ ਦੀਆਂ ਵੱਧ ਤੋਂ ਵੱਧ ਜਣੇਪੇ ਸਰਕਾਰੀ ਹਸਪਤਾਲਾਂ ਵਿੱਚ ਕਰਵਾਉਣ ਲਈ ਜਾਗਰੂਕਤਾ ਅਤੇ ਹੋਰ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ। ਇਸ ਦੇ ਨਾਲ ਹੀ ਬੀ.ਪੀ.ਐੱਲ. ਪਰਿਵਾਰਾਂ ਨਾਲ ਸਬੰਧਿਤ ਗਰਭਵਤੀ ਮਹਿਲਾਵਾਂ ਨੂੰ ਜਣੇਪੇ ਸਮੇਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਵੀ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ।
ਏ.ਡੀ.ਸੀ. ਨੇ ਡਰੱਗਜ਼ ਐਂਡ ਕਾਸਮੈਟਿਕਸ ਐਕਟ ਤਹਿਤ ਮੈਡੀਕਲ ਸਟੋਰਾਂ ਦੀ ਨਿਯਮਿਤ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ ਸਾਹਮਣੇ ਆਉਣ 'ਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਵਿਕਾਸ ਕਾਰਜਾਂ ਦੀ ਸਮੀਖਿਆ ਦੌਰਾਨ ਵਿਭਾਗਾਂ ਨੂੰ ਸਮੇਂਬੱਧ ਢੰਗ ਨਾਲ ਕੰਮ ਕਰਨ ਦੇ ਨਿਰਦੇਸ਼
