ਐੱਸ.ਏ.ਐੱਸ. ਨਗਰ, 17 ਨਵੰਬਰ:- ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਐੱਸ.ਏ.ਐੱਸ. ਨਗਰ ਦੇ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨੇ ਖ਼ੁਦ ਆਪਣੀ ਸਵੈ-ਗਣਨਾ (Self-Enumeration) ਦੀ ਪ੍ਰਕਿਰਿਆ ਪੂਰੀ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਰਾਸ਼ਟਰੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਵਿਕਾਸ ਯੋਜਨਾਬੰਦੀ ਦਾ ਇੱਕ ਅਹਿਮ ਆਧਾਰ ਹੈ। ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਸਰਕਾਰ ਨੂੰ ਲੋਕਾਂ ਦੀਆਂ ਲੋੜਾਂ, ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਦੀਆਂ ਜ਼ਰੂਰਤਾਂ ਨੂੰ ਸਮਝਣ ਵਿੱਚ ਮਦਦ ਕਰਦੇ ਹਨ। ਇਸ ਲਈ ਹਰੇਕ ਨਾਗਰਿਕ ਵੱਲੋਂ ਸਹੀ ਅਤੇ ਪੂਰੀ ਜਾਣਕਾਰੀ ਮੁਹੱਈਆ ਕਰਵਾਉਣਾ ਦੇਸ਼ ਦੇ ਭਵਿੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹੈ।
ਉਨ੍ਹਾਂ ਦੱਸਿਆ ਕਿ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ 16 ਨਵੰਬਰ ਤੋਂ 30 ਨਵੰਬਰ, 2026 ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਇਸ ਸਹੂਲਤ ਰਾਹੀਂ ਲੋਕ ਘਰ ਬੈਠੇ ਹੀ ਵੈੱਬਸਾਈਟ se.census.gov.in 'ਤੇ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਦੇ ਹਨ। ਇਸ ਨਾਲ ਲੋਕ ਆਪਣੀ ਸਹੂਲਤ ਅਨੁਸਾਰ ਵੇਰਵੇ ਭਰ ਸਕਣਗੇ ਅਤੇ ਜਨਗਣਨਾ ਦੀ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾ ਸਕਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਆਨਲਾਈਨ ਪੋਰਟਲ 'ਤੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਪ੍ਰਾਪਤ ਹੋਣ ਵਾਲੀ ਐੱਸ.ਈ.ਆਈ.ਡੀ. (SE ID) ਨੂੰ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਘਰ-ਘਰ ਆਉਣ ਵਾਲੇ ਗਣਨਾਕਾਰ ਸਟਾਫ਼ ਨੂੰ ਇਹ ਐੱਸ.ਈ.ਆਈ.ਡੀ. ਮੁਹੱਈਆ ਕਰਵਾਈ ਜਾਵੇ, ਤਾਂ ਜੋ ਉਨ੍ਹਾਂ ਵੱਲੋਂ ਆਨਲਾਈਨ ਦਰਜ ਕਰਵਾਈ ਗਈ ਜਾਣਕਾਰੀ ਦੀ ਤਸਦੀਕ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਉਠਾਉਣ ਅਤੇ ਆਪਣੇ ਘਰ, ਪਰਿਵਾਰ ਤੇ ਹੋਰ ਸਬੰਧਤ ਵੇਰਵੇ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਹਰੇਕ ਪਰਿਵਾਰ ਵੱਲੋਂ ਇਸ ਪ੍ਰਕਿਰਿਆ ਵਿੱਚ ਭਾਗ ਲੈਣਾ ਜਨਗਣਨਾ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗਾ।
ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਦਾ ਇੱਕ ਮਹੱਤਵਪੂਰਨ ਸਾਧਨ ਹੈ। ਇਸ ਲਈ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਇਸ ਰਾਸ਼ਟਰੀ ਕਾਰਜ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਹੀ ਜਾਣਕਾਰੀ, ਸਾਰਿਆਂ ਦੀ ਭਾਗੀਦਾਰੀ ਅਤੇ ਜ਼ਿੰਮੇਵਾਰ ਨਾਗਰਿਕਤਾ ਨਾਲ ਹੀ ਜਨਗਣਨਾ-2027 ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।
