ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਮੰਡੀਆਂ ਵਿੱਚ ਲਿਆਉਣ, ਤਾਂ ਜੋ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਦੀ ਪ੍ਰਕਿਰਿਆ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਅਕਤੂਬਰ ਤੱਕ ਜ਼ਿਲ੍ਹੇ ਵਿੱਚ ਝੋਨੇ ਦੀ ਕੁੱਲ ਆਮਦ 2,30,260 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਦਕਿ ਹੁਣ ਤੱਕ ਕੁੱਲ 2,29,836 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕੁੱਲ ਖਰੀਦ ਵਿੱਚ ਸਰਕਾਰੀ ਖਰੀਦ ਏਜੰਸੀਆਂ ਵੱਲੋਂ 2,28,780 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ, ਜਦਕਿ ਨਿੱਜੀ ਖਰੀਦ ਤਹਿਤ 1,056 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਬਣਾਈ ਰੱਖਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੁਣ ਤੱਕ ਕੁੱਲ 1,34,464 ਮੀਟ੍ਰਿਕ ਟਨ ਝੋਨੇ ਦੀ ਚੁਕਾਈ ਹੋ ਚੁੱਕੀ ਹੈ। ਨਿਰਧਾਰਤ 72 ਘੰਟਿਆਂ ਦੇ ਮਾਪਦੰਡ ਅਨੁਸਾਰ ਚੁਕਾਈ ਦੀ ਪ੍ਰਗਤੀ 72 ਫ਼ੀਸਦੀ ਦਰਜ ਕੀਤੀ ਗਈ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਮੰਡੀਆਂ ਵਿੱਚੋਂ ਖਰੀਦੇ ਗਏ ਝੋਨੇ ਦੀ ਸਮੇਂ ਸਿਰ ਚੁਕਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਅਦਾਇਗੀ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਕੁੱਲ 493.65 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਨਿਰਧਾਰਤ 48 ਘੰਟਿਆਂ ਦੇ ਮਾਪਦੰਡ ਅਨੁਸਾਰ ਅਦਾਇਗੀ ਦੀ ਸਥਿਤੀ 100 ਫ਼ੀਸਦੀ ਦਰਜ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਾਫ਼-ਸੁਥਰਾ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁੱਕਾ ਝੋਨਾ ਲੈ ਕੇ ਆਉਣ। ਇਸ ਨਾਲ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਬਚਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਖਰੀਦ, ਚੁਕਾਈ ਤੇ ਅਦਾਇਗੀ ਦੀ ਪ੍ਰਕਿਰਿਆ ਸੁਚਾਰੂ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
