ਪਟਿਆਲਾ, 19 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਮੀਟਿੰਗ ਕਰਦਿਆਂ ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ। ਉਨ੍ਹਾਂ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਲੰਬਿਤ ਕੰਮਾਂ ਨੂੰ ਵੀ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਮੁਕੰਮਲ ਹੋਏ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕਰਨ ਲਈ ਵੀ ਕਿਹਾ।
ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ’ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਪੇਸ਼ ਕਰਨ ਦੀ ਵੀ ਹਦਾਇਤ ਕੀਤੀ, ਤਾਂ ਜੋ ਇੱਕ ਮਹੀਨੇ ਦੌਰਾਨ ਹੋਈ ਕਾਰਗੁਜ਼ਾਰੀ ਅਤੇ ਪ੍ਰਗਤੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।
ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।
