ਨਵਾਂ ਸ਼ਹਿਰ, 17 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ):- ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ, ਆਈ.ਏ.ਐੱਸ. ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਵਿੰਗ ਕਮਾਂਡਰ (ਰਿਟਾ.) ਅਮਨਪ੍ਰੀਤ ਕੌਰ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਸੈਨਿਕ ਬੋਰਡ ਨੇ ਬੋਰਡ ਵੱਲੋਂ ਹੁਣ ਤੱਕ ਵੰਡੀਆਂ ਗਈਆਂ ਗ੍ਰਾਂਟਾਂ ਅਤੇ ਕੀਤੇ ਗਏ ਹੋਰ ਭਲਾਈ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ।

ਉਨ੍ਹਾਂ ਦੱਸਿਆ ਕਿ ਆਰਮਡ ਫੋਰਸਿਜ਼ ਫਲੈਗ ਡੇਅ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਇਕੱਠਾ ਕਰਨ ਲਈ ਜ਼ਿਲ੍ਹਾ ਸੈਨਿਕ ਬੋਰਡ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਸੈਨਿਕ ਸਦਨ ਨਵਾਂ ਸ਼ਹਿਰ ਦੀ ਨਵੀਂ ਇਮਾਰਤ ਦੀ ਉਸਾਰੀ ਸਬੰਧੀ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਮੀਟਿੰਗ ਦੌਰਾਨ ਜ਼ਿਲ੍ਹਾ ਸੈਨਿਕ ਬੋਰਡ ਵੱਲੋਂ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਇੱਕ ਗੈਰ-ਪੈਨਸ਼ਨਰ ਸਾਬਕਾ ਸੈਨਿਕ ਨੂੰ 20,000 ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਦਿੱਤਾ ਗਿਆ। ਇਸੇ ਤਰ੍ਹਾਂ ਚਾਰ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ ਪ੍ਰਤੀ ਕੇਸ 5,000 ਰੁਪਏ ਦੇ ਹਿਸਾਬ ਨਾਲ ਮਾਲੀ ਸਹਾਇਤਾ ਦੇ ਚੈੱਕ ਵੰਡੇ ਗਏ।

ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਅਤੇ ਲੋੜਵੰਦਾਂ ਦੀ ਮਦਦ ਲਈ ਲਗਾਤਾਰ ਯਤਨ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।