ਚੰਡੀਗੜ੍ਹ, 18 ਨਵੰਬਰ 2026 (ਹਰਮਿੰਦਰ ਨਾਗਪਾਲ):- ਚੰਡੀਗੜ੍ਹ ਕੇਂਦਰ ਸ਼ਾਸਤ ਪ੍ਰਦੇਸ਼ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਨਿਸ਼ਾਂਤ ਕੁਮਾਰ ਯਾਦਵ, ਆਈ.ਏ.ਐੱਸ., ਨੇ ਅੱਜ ਫੋਟੋ ਵਾਲੀ ਵੋਟਰ ਸੂਚੀ, 2027 ਦੀ ਵਿਸ਼ੇਸ਼ ਸੰਖੇਪ ਸੁਧਾਈ (ਐੱਸ.ਐੱਸ.ਆਰ.) ਦੀਆਂ ਮੁੱਢਲੀਆਂ ਗਤੀਵਿਧੀਆਂ ਤਹਿਤ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਸੂਚੀ ਵਿੱਚ ਪ੍ਰਸਤਾਵਿਤ ਤਬਦੀਲੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਤਰਕਸੰਗਤੀਕਰਨ ਦੀ ਪ੍ਰਕਿਰਿਆ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੀ ਗਿਣਤੀ 575 ਤੋਂ ਘਟਾ ਕੇ 574 ਕਰਨ ਦਾ ਪ੍ਰਸਤਾਵ ਰੱਖਿਆ ਗਿਆ। ਵਿਚਾਰ-ਵਟਾਂਦਰੇ ਤੋਂ ਬਾਅਦ ਨੁਮਾਇੰਦਿਆਂ ਨੇ ਪ੍ਰਸਤਾਵਿਤ ਤਬਦੀਲੀਆਂ ਨਾਲ ਸਹਿਮਤੀ ਪ੍ਰਗਟਾਈ। ਹੁਣ ਇਹ ਪ੍ਰਸਤਾਵ ਮਨਜ਼ੂਰੀ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜਿਆ ਜਾਵੇਗਾ। ਪੋਲਿੰਗ ਸਟੇਸ਼ਨਾਂ ਦੀ ਪ੍ਰਸਤਾਵਿਤ ਮੁੱਢਲੀ ਸੂਚੀ ਮੁੱਖ ਚੋਣ ਅਧਿਕਾਰੀ, ਚੰਡੀਗੜ੍ਹ ਦੀ ਅਧਿਕਾਰਤ ਵੈੱਬਸਾਈਟ https://ceochandigarh.gov.in ’ਤੇ ਵੀ ਪ੍ਰਕਾਸ਼ਿਤ ਕੀਤੀ ਗਈ ਹੈ।
ਨੁਮਾਇੰਦਿਆਂ ਨੂੰ ਵਿਸ਼ੇਸ਼ ਸੰਖੇਪ ਸੁਧਾਈ ਦੇ ਪ੍ਰੋਗਰਾਮ ਬਾਰੇ ਵੀ ਜਾਣੂ ਕਰਵਾਇਆ ਗਿਆ। ਵੋਟਰ ਸੂਚੀ ਦਾ ਖਰੜਾ 30 ਨਵੰਬਰ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦੀ ਮਿਆਦ 30 ਨਵੰਬਰ ਤੋਂ 30 ਦਸੰਬਰ 2026 ਤੱਕ ਹੋਵੇਗੀ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਿਤ ਹੋਣ ਤੋਂ ਬਾਅਦ ਵਸਨੀਕ ਇਸ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਜਿਨ੍ਹਾਂ ਯੋਗ ਵਸਨੀਕਾਂ ਦੇ ਨਾਮ ਸੂਚੀ ਵਿੱਚ ਸ਼ਾਮਲ ਨਹੀਂ ਹਨ, ਉਹ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ 6 ਜਮ੍ਹਾਂ ਕਰਵਾ ਸਕਦੇ ਹਨ। ਕਿਸੇ ਨਾਮ ਨੂੰ ਸ਼ਾਮਲ ਕੀਤੇ ਜਾਣ ’ਤੇ ਇਤਰਾਜ਼ ਦਰਜ ਕਰਵਾਉਣ ਜਾਂ ਨਾਮ ਕਟਵਾਉਣ ਲਈ ਫਾਰਮ 7 ਵਰਤਿਆ ਜਾ ਸਕਦਾ ਹੈ, ਜਦਕਿ ਰਿਹਾਇਸ਼ ਬਦਲਣ, ਵੇਰਵਿਆਂ ਵਿੱਚ ਸੋਧ, ਵੋਟਰ ਫੋਟੋ ਪਛਾਣ ਪੱਤਰ (ਈ.ਪੀ.ਆਈ.ਸੀ.) ਬਦਲਵਾਉਣ ਜਾਂ ਦਿਵਿਆਂਗ ਵਿਅਕਤੀ (ਪੀ.ਡਬਲਿਊ.ਡੀ.) ਦੀ ਸਥਿਤੀ ਦਰਜ ਕਰਵਾਉਣ ਲਈ ਫਾਰਮ 8 ਦੀ ਵਰਤੋਂ ਕੀਤੀ ਜਾ ਸਕਦੀ ਹੈ।
ਅਜਿਹੇ ਨੌਜਵਾਨ ਨਾਗਰਿਕ, ਜਿਨ੍ਹਾਂ ਨੇ 1 ਜਨਵਰੀ, 1 ਅਪ੍ਰੈਲ, 1 ਜੁਲਾਈ ਅਤੇ 1 ਅਕਤੂਬਰ 2027 ਦੀਆਂ ਸਬੰਧਤ ਯੋਗਤਾ ਮਿਤੀਆਂ ਨੂੰ ਜਾਂ ਉਸ ਤੋਂ ਪਹਿਲਾਂ 18 ਸਾਲ ਦੀ ਉਮਰ ਪੂਰੀ ਕਰ ਲਈ ਹੈ ਜਾਂ ਕਰਨਗੇ, ਉਹ ਵੀ ਲਾਗੂ ਨਿਯਮਾਂ ਅਨੁਸਾਰ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਫਾਰਮ 6 ਜਮ੍ਹਾਂ ਕਰਵਾ ਸਕਦੇ ਹਨ।
ਨਾਗਰਿਕ ਨਿਰਧਾਰਤ ਫਾਰਮ ਵੋਟਰ ਸੇਵਾ ਪੋਰਟਲ https://voters.eci.gov.in ਜਾਂ ECINET ਮੋਬਾਈਲ ਐਪਲੀਕੇਸ਼ਨ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ, ਫਾਰਮ ਆਪਣੇ ਸਬੰਧਤ ਬੂਥ ਪੱਧਰੀ ਅਧਿਕਾਰੀ (ਬੀ.ਐੱਲ.ਓ.) ਕੋਲ ਵੀ ਜਮ੍ਹਾਂ ਕਰਵਾਏ ਜਾ ਸਕਦੇ ਹਨ।
ਚੰਡੀਗੜ੍ਹ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਸ੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ, “ਸਹੀ ਅਤੇ ਅਪਡੇਟ ਕੀਤੀ ਵੋਟਰ ਸੂਚੀ ਆਜ਼ਾਦ, ਨਿਰਪੱਖ ਅਤੇ ਸਮਾਵੇਸ਼ੀ ਚੋਣਾਂ ਦੀ ਨੀਂਹ ਹੈ। ਮੈਂ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ 30 ਨਵੰਬਰ 2026 ਨੂੰ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਿਤ ਹੋਣ ਤੋਂ ਬਾਅਦ ਇਸ ਵਿੱਚ ਆਪਣੇ ਨਾਮ ਦੀ ਜਾਂਚ ਕਰਨ ਅਤੇ ਨਿਰਧਾਰਤ ਸਮੇਂ ਅੰਦਰ ਲੋੜੀਂਦੇ ਫਾਰਮ ਜਮ੍ਹਾਂ ਕਰਵਾਉਣ। ਮੈਂ ਖਾਸ ਤੌਰ ’ਤੇ ਉਨ੍ਹਾਂ ਨੌਜਵਾਨ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਦਾ ਹਾਂ, ਜਿਨ੍ਹਾਂ ਨੇ 18 ਸਾਲ ਦੀ ਉਮਰ ਪੂਰੀ ਕਰ ਲਈ ਹੈ ਜਾਂ ਕਰਨ ਵਾਲੇ ਹਨ।”
ਕਿਸੇ ਵੀ ਸਹਾਇਤਾ ਲਈ ਨਾਗਰਿਕ ਕੰਮਕਾਜ ਵਾਲੇ ਦਿਨਾਂ ਦੌਰਾਨ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ ਜਾਂ ECINET ਮੋਬਾਈਲ ਐਪਲੀਕੇਸ਼ਨ ਅਤੇ ਵੋਟਰ ਸੇਵਾ ਪੋਰਟਲ ’ਤੇ ਉਪਲਬਧ ‘Book a Call Request with BLO’ ਸਹੂਲਤ ਦੀ ਵਰਤੋਂ ਕਰ ਸਕਦੇ ਹਨ।
