ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਈ-ਸੇਵਾ ਪੋਰਟਲ 'ਤੇ ਲੰਬਿਤ ਅਰਜ਼ੀਆਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਅਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਈ-ਸੇਵਾ ਪੋਰਟਲ 'ਤੇ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ। ਇਸ ਮੁਹਿੰਮ ਤਹਿਤ 1 ਲੱਖ 22 ਹਜ਼ਾਰ ਤੋਂ ਵੱਧ ਲੰਬਿਤ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ। ਇਸ ਪ੍ਰਭਾਵਸ਼ਾਲੀ ਕਾਰਵਾਈ ਦੇ ਨਤੀਜੇ ਵਜੋਂ ਈ-ਸੇਵਾ ਪੋਰਟਲ ਦੀ ਦਰਜਾਬੰਦੀ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਨੇ ਮਹੱਤਵਪੂਰਨ ਸੁਧਾਰ ਕਰਦਿਆਂ 18ਵੇਂ ਸਥਾਨ ਤੋਂ ਦੂਜਾ ਸਥਾਨ ਹਾਸਲ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ, ਸਮਰਪਣ ਅਤੇ ਬਿਹਤਰ ਤਾਲਮੇਲ ਦਾ ਨਤੀਜਾ ਹੈ। ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਵੇਂ ਡੀਜੀ ਪੰਜਾਬ ਪੋਰਟਲ 'ਤੇ ਵੀ ਅਰਜ਼ੀਆਂ ਦਾ ਨਿਪਟਾਰਾ ਈ-ਸੇਵਾ ਪੋਰਟਲ ਦੀ ਤਰਜ਼ 'ਤੇ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾਵੇਗਾ। ਇਸ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਰਲ, ਸੁਵਿਧਾਜਨਕ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਬੇਲੋੜੀ ਮੁਸ਼ਕਲ ਨਾ ਝੱਲਣੀ ਪਵੇ।

ਇਸ ਮੌਕੇ ਕੈਪਟਨ ਗੁਰਪ੍ਰੀਤ ਕੌਰ ਪੀਸੀਐਸ, ਇੰਜੀਨੀਅਰ ਅਮਨਦੀਪ ਕੌਰ ਪੀਸੀਐਸ, ਜ਼ਿਲ੍ਹਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ, ਤਹਿਸੀਲਦਾਰ ਹੁਸ਼ਿਆਰਪੁਰ ਮਨਦੀਪ ਸਿੰਘ, ਤਹਿਸੀਲਦਾਰ ਗੜ੍ਹਸ਼ੰਕਰ ਲਵਦੀਪ ਸਿੰਘ, ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਕੁਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮੁਕੇਰੀਆਂ ਤਰਸੇਮ ਲਾਲ, ਤਹਿਸੀਲਦਾਰ ਦਫ਼ਤਰ ਹੁਸ਼ਿਆਰਪੁਰ ਤੋਂ ਕੁਲਦੀਪ ਸਿੰਘ, ਤਹਿਸੀਲਦਾਰ ਦਫ਼ਤਰ ਗੜ੍ਹਸ਼ੰਕਰ ਤੋਂ ਕੁਲਤਾਰ ਸਿੰਘ, ਪਟਵਾਰੀ ਅਮਨਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਅਤੇ ਸੀਐਮਓ ਮਨਦੀਪ ਕਮਲ ਮਾਹੀ ਨੂੰ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਸਿਵਲ ਸਰਜਨ ਦਫ਼ਤਰ ਤੋਂ ਵਧੀਕ ਜ਼ਿਲ੍ਹਾ ਰਜਿਸਟਰਾਰ ਤੇਜਿੰਦਰ ਪਾਲ ਸਿੰਘ, ਸੁਪਰਡੈਂਟ ਸਤਪਾਲ ਅਤੇ ਮਨਦੀਪ ਪਾਲ ਨੂੰ ਵੀ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਵਿੱਚ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।