ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਗਸਤ, 2026:- ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਜ਼ਿਲ੍ਹੇ ਦੀਆਂ ਮੁੱਖ ਸੜਕਾਂ ਉੱਪਰ ਬਲੈਕ ਸਪੋਟ (ਦੁਰਘਟਨਾ ਸੰਭਾਵੀ ਥਾਵਾਂ) ਜਿਨ੍ਹਾਂ ਕਾਰਨ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਠੀਕ ਕਰਨ, ਸੜਕ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕਰਨ, ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਕੰਮ ਕਰਨਾ ਬੇਹੱਦ ਜ਼ਰੂਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸਾਸ਼ਨ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਕੂਲਾਂ, ਕਾਲਜਾਂ, ਜਨਤਕ ਥਾਵਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ ’ਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀ ਕਿਹਾ।
ਉਨ੍ਹਾਂ ਕਿਹਾ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਗਈ ਸਿਟੀ ਸਰਵੇਲੈਂਸ ਤੇ ਟ੍ਰੈਫ਼ਿਕ ਮੈਨੇਜਮੈਂਟ ਪ੍ਰਣਾਲੀ ਅਧੀਨ ਨਗਰ ਨਿਗਮ ਅਤੇ ਗਮਾਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਪੁਲਿਸ ਨਾਲ ਮਿਲ ਕੇ ਸੜ੍ਹਕਾਂ ’ਤੇ ਆਵਾਜਾਈ ਚਿੰਨ੍ਹਾਂ ਨੂੰ ਤੁਰੰਤ ਯਕੀਨੀ ਬਣਾਉਣ, ਜਿਵੇਂ ਕਿ ਜ਼ੈਬਰਾ ਕ੍ਰਾਸਿੰਗ, ਨੋ ਪਾਰਕਿੰਗ ਸਾਈਨ ਬੋਰਡ, ਸਟਾਪ ਲਾਈਨਾਂ ਅਤੇ ਸਪੀਡ ਲਿਮਿਟ ਬੋਰਡ, ਦੀ ਸਪੱਸ਼ਟਤਾ ਆਦਿ। ਇਸ ਤੋਂ ਇਲਾਵਾ ਜਿਹੜੀਆਂ ਵੀ ਸੜਕਾਂ ਦੀ ਰੇਲਿੰਗ ਟੁੱਟੀ ਹੋਈ ਹੈ, ਦੀ ਰਿਪੇਅਰ ਕਰਨ ਅਤੇ ਨਵੀਆਂ ਰੇਲਿੰਗ ਲਗਾਉਣ ਲਈ ਵੀ ਕਿਹਾ ਤਾਂ ਜੋ ਸੜਕਾਂ ਤੇ ਆਵਾਜਾਈ ਸੁਰੱਖਿਅਤ ਹੋਵੇ।
ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਸੜਕਾਂ ਤੇ ਬਲੈਕ ਸਪੋਟਾਂ (ਦੁਰਘਟਨਾਵਾਂ ਵਾਲੀਆ ਥਾਵਾਂ) ਨੂੰ ਤੁਰੰਤ ਸਹੀ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਅਦਾਰਿਆਂ ਐਨ.ਐਚ.ਏ.ਆਈ, ਗਮਾਡਾ, ਬੀ.ਐਡ.ਆਰ ਅਤੇ ਮਿਊਂਸੀਪਲ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਅਤੇ ਕਿਹਾ ਗਿਆ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਸੜਕਾਂ ਤੇ ਟ੍ਰੈਫਿਕ ਲਾਇਟਾਂ, ਸਲਿੱਪ ਰੋਡ, ਸਰਵਿਸ ਲਾਇਨ ਆਦਿ ਜਿਹੜਾ ਵੀ ਕੰਮ ਹੋਣ ਵਾਲਾ ਹੈ, ਤੁਰੰਤ ਕਰਵਾਇਆ ਜਾਵੇ।
ਉਨ੍ਹਾਂ ਵੱਲੋਂ ਸ਼ਹਿਰ ਵਿੱਚ ਸੜਕਾਂ ਉੱਪਰ ਬਣੇ ਅਣਅਧਿਕਾਰਤ ਕੱਟਾਂ ਨੂੰ ਬੰਦ ਕਰਨ ਅਤੇ ਸੜਕਾਂ ਦੇ ਆਸੇ ਪਾਸੇ ਲਗਾਈਆਂ ਜਾਂਦੀਆਂ ਰੇੜ੍ਹੀਆਂ, ਫੜ੍ਹੀਆਂ, ਨਜ਼ਾਇਜ ਕਬਜ਼ਿਆਂ ਅਤੇ ਵਾਹਨਾਂ ਦੀ ਗਲਤ ਪਾਰਕਿੰਗ ਆਦਿ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਕੂਲ ਬੱਸਾਂ ਦੀ ਵੱਧ-ਵੱਧ ਚੈਕਿੰਗ ਕਰਨ ਅਤੇ ਸੁਰੱਖਿਆ ਉਪਕਰਨਾ ਦੀ ਵਰਤੋਂ ਨਾ ਕਰਨ ਵਾਲੀਆਂ ਬੱਸਾਂ ਦੇ ਚਲਾਨ ਕਰਨ ਲਈ ਕਿਹਾ। ਮੀਟਿੰਗ ਦੌਰਾਨ ਸੀ.ਡੀ.ਪੀ.ਓ ਵੱਲੋਂ ਦੱਸਿਆਂ ਗਿਆ ਕਿ ਉਨ੍ਹਾਂ ਨੇ 47 ਸਕੂਲ ਬੱਸਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ 2 ਬੱਸਾਂ ਦੇ ਚਲਾਨ ਕੀਤੇ ਗਏ।
ਇਸ ਤੋਂ ਇਲਾਵਾ ਹਿੱਟ ਐਂਡ ਰਨ ਅਤੇ ਕੈਸ਼ਲੈੱਸ ਟ੍ਰੀਟਮੈਂਟ ਸਕੀਮ, ਫਰਿਸ਼ਤੇ ਸਕੀਮ, ਰਾਹ-ਵੀਰ/ਗੁੱਡ ਸਮਾਰੀਟਨ ਸਕੀਮ, ਸੜਕ ਸੁਰੱਖਿਆ ਮਿੱਤਰ ਪ੍ਰੋਗਰਾਮ ਅਤੇ ਈ-ਡਾਰ ਪ੍ਰੋਜੈਕਟ ਦੀ ਪ੍ਰਗਤੀ ਅਤੇ ਪ੍ਰਭਾਵਸ਼ਾਲੀ ਮਾਨੀਟਰਿੰਗ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣ, ਹਾਦਸਿਆਂ ਸਬੰਧੀ ਜਾਣਕਾਰੀ ਦਰਜ ਕਰਨ, ਹਾਦਸੇ ਸਮੇਂ ਮਦਦ ਕਰਨ ਵਾਲੇ ਨਾਗਰਿਕਾਂ ਨੂੰ ਉਤਸ਼ਾਹਿਤ ਕਰਨ ਅਤੇ ਸੜਕ ਸੁਰੱਖਿਆ ਸਵੈ-ਸੇਵਕਾਂ ਰਾਹੀਂ ਲੋਕਾਂ ਦੀ ਸਹਾਇਤਾ ਕਰਨ ਸਬੰਧੀ ਵੱਖ-ਵੱਖ ਸਰਕਾਰੀ ਉਪਰਾਲਿਆਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ।
ਇਸਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਨੂੰ ਸਰਕਾਰ ਦੁਆਰਾ ਚਲਾਈ ਗਈ ਚੰਗੇ ਵਿਅਕਤੀਆਂ ਨੂੰ ਸੜ੍ਹਕ ਹਾਦਸੇ ਦੇ ਪੀੜਿਤਾਂ ਦੀ ਮਦਦ ਕਰਨ ਬਲਦੇ ਨਕਦ ਪੁਰਸਕਾਰ ਬਾਰੇ ਜਾਣੂ ਕਰਵਾਉਣ ਲਈ ਕਿਹਾ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋ (ਫ਼ਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਉਨਾਂ ਨੇ ਹਸਪਤਾਲ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਵੱਧ ਵੱਧ ਲੋਕਾਂ ਨੂੰ ਜਾਗਰੂਕ ਕਰਨ ਅਤੇ ਹਸਪਤਾਲਾਂ ਵਿੱਚ ਪੋਸਟਰ ਲਗਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਈ-ਡੀ ਏ ਆਰ ਪੋਰਟਲ 'ਤੇ ਹਾਦਸਿਆਂ ਦੀ ਤੁਰੰਤ ਰਿਪੋਰਟਿੰਗ ਕਰਨ ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਹਿਟ ਐਂਡ ਰਨ ਕੇਸਾਂ ਦੀਆਂ ਲੰਬਿਤ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਲਈ ਕਿਹਾ ਤਾਂ ਜੋ ਮੌਤ ਦੇ ਮਾਮਲਿਆਂ ਵਿੱਚ ਰੁਪਏ 2 ਲੱਖ ਅਤੇ ਗੰਭੀਰ ਚੋਟਾਂ ਵਾਲਿਆਂ ਨੂੰ ਰੁਪਏ 50,000 ਦੀ ਰਾਹਤ ਦਿੱਤੀ ਜਾ ਸਕੇ।
ਇਸ ਮੌਕੇ ਵਧੀਕ ਆਰ.ਟੀ.ਏ ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਜ਼ਿਲ੍ਹਾ ਸੜ੍ਹਕ ਸੁਰੱਖਿਆ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
