ਗੜ੍ਹਸ਼ੰਕਰ, 15 ਅਗਸਤ:- ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਪੁਲਿਸ ਲਾਈਨ ਗਰਾਊਂਡ, ਤਰਨ ਤਾਰਨ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਦੇ ਮਾਹੌਲ ਵਿੱਚ ਕਰਵਾਇਆ ਗਿਆ। ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਸ.ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੌਮੀ ਝੰਡਾ ਲਹਿਰਾਉਣ ਉਪਰੰਤ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ ਅਤੇ ਸਮੁੱਚਾ ਮਾਹੌਲ ਦੇਸ਼ ਭਗਤੀ ਦੀ ਭਾਵਨਾ ਨਾਲ ਭਰ ਗਿਆ।
ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੁਆਰਾ ਪਰੇਡ ਦਾ ਨਿਰੀਖਣ ਕੀਤਾ ਅਤੇ ਵੱਖ-ਵੱਖ ਟੁਕੜੀਆਂ ਵੱਲੋਂ ਪੇਸ਼ ਕੀਤੀ ਗਈ ਸ਼ਾਨਦਾਰ ਪਰੇਡ ਤੋਂ ਸਲਾਮੀ ਲਈ। ਪਰੇਡ ਵਿੱਚ ਪੁਲਿਸ ਵਿਭਾਗ ਤੋਂ ਇਲਾਵਾ ਵੱਖ-ਵੱਖ ਸੁਰੱਖਿਆ ਦਸਤਿਆਂ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਟੁਕੜੀਆਂ ਨੇ ਅਨੁਸ਼ਾਸਨ ਅਤੇ ਜੋਸ਼ ਨਾਲ ਭਾਗ ਲਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ੍ਰੀ ਰੌੜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ ਨਮਨ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਅਣਗਿਣਤ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਨਤੀਜਾ ਹੈ। ਸਾਨੂੰ ਇਸ ਆਜ਼ਾਦੀ ਦੀ ਕਦਰ ਕਰਦਿਆਂ ਦੇਸ਼ ਦੀ ਏਕਤਾ, ਅਖੰਡਤਾ, ਪ੍ਰਭੂਸੱਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਤੋਂ ਲੈ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਤੱਕ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਪੰਜਾਬ ਦੇ ਬਹਾਦਰ ਲੋਕਾਂ ਅਤੇ ਸੂਰਬੀਰਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ ਅਤੇ ਸ਼ਹੀਦਾਂ ਦੀ ਸੋਚ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਇਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਢਾਂਚੇ, ਖੇਡਾਂ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਚੱਜਾ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਆਪਸੀ ਪਿਆਰ ਅਤੇ ਸਦਭਾਵਨਾ ਨੂੰ ਕਾਇਮ ਰੱਖਣ। ਉਨ੍ਹਾਂ ਖਾਸ ਤੌਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੁੜਨ ਦਾ ਸੱਦਾ ਦਿੱਤਾ।
ਇਸ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸੱਭਿਆਚਾਰਕ ਪ੍ਰੋਗਰਾਮ, ਗੀਤ, ਕੋਰੀਓਗ੍ਰਾਫੀ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਕੀਤੀਆਂ ਗਈਆਂ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਹਾਜ਼ਰ ਦਰਸ਼ਕਾਂ ਵਿੱਚ ਦੇਸ਼ ਪ੍ਰਤੀ ਪਿਆਰ ਅਤੇ ਮਾਣ ਦੀ ਭਾਵਨਾ ਪੈਦਾ ਕੀਤੀ।
ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਦੇ ਮੌਕੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਸਮਾਜ ਸੇਵੀਆਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਪ੍ਰਾਪਤੀਆਂ ਅਤੇ ਲੋਕ ਭਲਾਈ ਸਕੀਮਾਂ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।
ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ, ਪੁਲਿਸ ਵਿਭਾਗ ਦੇ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ, ਲੋਕ ਨੁਮਾਇੰਦਿਆਂ, ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ।
ਸਮਾਗਮ ਦੇ ਅੰਤ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਸਾਰਿਆਂ ਵੱਲੋਂ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ ਗਿਆ।
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਤਰਨ ਤਾਰਨ ਵਿਖੇ ਲਹਿਰਾਇਆ ਕੌਮੀ ਝੰਡਾ ਪਰੇਡ ਤੋਂ ਲਈ ਸਲਾਮੀ
