ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਹਲਕਾ ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋ, ਸੈਲਾ ਖੁਰਦ ਅਤੇ ਮਾਹਿਲਪੁਰ ਵਿਖੇ ਕਰਵਾਏ ਗਏ ਦੁਸਹਿਰਾ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਦੁਸਹਿਰੇ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਸਾਰਿਆਂ ਦੀ ਖ਼ੁਸ਼ਹਾਲੀ, ਆਪਸੀ ਭਾਈਚਾਰੇ ਅਤੇ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ।

ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਦੁਸਹਿਰੇ ਦਾ ਤਿਉਹਾਰ ਸਾਨੂੰ ਸੱਚਾਈ, ਨੇਕੀ ਅਤੇ ਧਰਮ ਦੇ ਰਾਹ ’ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਹ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਸਾਨੂੰ ਆਪਣੇ ਜੀਵਨ ਵਿੱਚੋਂ ਬੁਰਾਈਆਂ ਨੂੰ ਦੂਰ ਕਰਕੇ ਚੰਗੇ ਵਿਚਾਰ ਅਪਣਾਉਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਤਿਉਹਾਰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ, ਜੋ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ, ਰੀਤੀ-ਰਿਵਾਜਾਂ ਅਤੇ ਤਿਉਹਾਰਾਂ ਦੀ ਸਾਂਝੀ ਧਰਤੀ ਹੈ। ਸਾਰੇ ਤਿਉਹਾਰ ਸਾਨੂੰ ਮਿਲ-ਜੁਲ ਕੇ ਰਹਿਣ, ਇੱਕ-ਦੂਜੇ ਦੇ ਧਰਮਾਂ ਅਤੇ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਸਮਾਜ ਵਿੱਚ ਏਕਤਾ ਬਣਾਈ ਰੱਖਣ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਸ਼ਾਂਤੀ ਨਾਲ ਮਨਾਇਆ ਜਾਵੇ।

ਡਿਪਟੀ ਸਪੀਕਰ ਨੇ ਦੁਸਹਿਰਾ ਸਮਾਗਮਾਂ ਦੇ ਪ੍ਰਬੰਧਕਾਂ ਅਤੇ ਪ੍ਰਬੰਧਕ ਕਮੇਟੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਨੂੰ ਸਫ਼ਲ ਬਣਾਉਣ ਵਿੱਚ ਸਮੂਹ ਇਲਾਕਾ ਨਿਵਾਸੀਆਂ ਦਾ ਅਹਿਮ ਯੋਗਦਾਨ ਹੁੰਦਾ ਹੈ। ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਪਰੰਪਰਾਵਾਂ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਇਸ ਦੌਰਾਨ ਪਿੰਡਾਂ ਅਤੇ ਇਲਾਕੇ ਦੇ ਲੋਕਾਂ ਨੇ ਡਿਪਟੀ ਸਪੀਕਰ ਰੌੜੀ ਦਾ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ। ਸਮਾਗਮਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨਾਲ ਇਲਾਕਾ ਨਿਵਾਸੀਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਓਐਸਡੀ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸੈਣੀ, ਬਲਾਕ ਪ੍ਰਧਾਨ ਗੁਲਸ਼ਨ ਠਾਕਰ, ਸੁਰਜੀਤ ਕਾਲਾ ਹਾਜੀਪੁਰ, ਯਗੇਸ਼ ਵਾਲੀਆ ਸਰਪੰਚ, ਡਾ. ਸ਼ੰਭੂ ਰਾਣਾ, ਗ੍ਰਾਮ ਪੰਚਾਇਤ ਰਾਮਪੁਰ, ਗ੍ਰਾਮ ਪੰਚਾਇਤ ਬਿਲੜੋ ਅਤੇ ਦੁਸਹਿਰਾ ਕਮੇਟੀ ਦੇ ਮੈਂਬਰ ਸ਼ਾਮਲ ਸਨ।