ਗੜ੍ਹਸ਼ੰਕਰ, 8 ਅਗਸਤ:- ਪੰਜਾਬ ਵਿਧਾਨ ਸਭਾ, ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਗੜਸ਼ੰਕਰ ਸ.ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਮੋਇਲਾ  ਵਾਹਿਦਪੁਰ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਦੇ ਵਿਕਾਸ ਕਾਰਜਾਂ ਲਈ 8 ਲੱਖ ਰੁਪਏ ਦਾ ਚੈੱਕ ਪਿੰਡ ਦੀ ਪੰਚਾਇਤ ਨੂੰ ਭੇਟ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ, ਪਾਰਟੀ ਵਰਕਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।
ਡਿਪਟੀ ਸਪੀਕਰ ਰੌੜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਖੇਡ ਮੈਦਾਨਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਆਪਣੇ ਪਿੰਡ ਵਿੱਚ ਜਾ ਕੇ ਸੁਣਨਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸਮੱਸਿਆ ਦੇ ਹੱਲ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ, ਸਗੋਂ ਪ੍ਰਸ਼ਾਸਨ ਖੁਦ ਲੋਕਾਂ ਤੱਕ ਪਹੁੰਚੇ।
ਰੌੜੀ ਨੇ ਕਿਹਾ ਕਿ ਪਿੰਡ ਮੋਇਲਾਂ ਵਾਹਿਦਪੁਰ ਦੇ ਵਿਕਾਸ ਲਈ ਦਿੱਤੀ ਗਈ 8 ਲੱਖ ਰੁਪਏ ਦੀ ਗ੍ਰਾਂਟ ਨਾਲ ਪਿੰਡ ਵਿੱਚ ਲੋੜੀਂਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾਣਗੇ। ਉਨ੍ਹਾਂ ਪੰਚਾਇਤ ਨੂੰ ਅਪੀਲ ਕੀਤੀ ਕਿ ਗ੍ਰਾਂਟ ਦੀ ਹਰ ਪੈਸੇ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਲੋਕ ਭਲਾਈ ਦੇ ਕੰਮਾਂ 'ਤੇ ਕੀਤੀ ਜਾਵੇ ਤਾਂ ਜੋ ਪਿੰਡ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਇਸ ਦੌਰਾਨ ਡਿਪਟੀ ਸਪੀਕਰ ਨੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕਈ ਮਾਮਲਿਆਂ ਵਿੱਚ ਮੌਕੇ 'ਤੇ ਹੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕਾ ਗੜ੍ਹਸ਼ੰਕਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਨੂੰ ਲੋੜ ਅਨੁਸਾਰ ਵਿਕਾਸ ਫੰਡ ਮੁਹੱਈਆ ਕਰਵਾਏ ਜਾਣਗੇ।
ਪਿੰਡ ਦੀ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗ੍ਰਾਂਟ ਪਿੰਡ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਵੇਗੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿੱਤਾ ਕਿ ਗ੍ਰਾਂਟ ਦੀ ਰਕਮ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਵਿਕਾਸ ਕਾਰਜਾਂ 'ਤੇ ਖਰਚ ਕੀਤਾ ਜਾਵੇਗਾ।