ਗੜ੍ਹਸ਼ੰਕਰ/ਹੁਸ਼ਿਆਰਪੁਰ (ਹਰੀ ਕ੍ਰਿਸ਼ਨ ਗੰਗੜ):- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਗੁਰਪੁਰਬ ਨੂੰ ਸਮਰਪਿਤ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਕਰਵਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਗੁਰਪੁਰਬ ਸਮੁੱਚੀ ਸੰਗਤ ਲਈ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਮੌਕਾ ਹੈ। ਸ੍ਰੀ ਖੁਰਾਲਗੜ੍ਹ ਸਾਹਿਬ ਉਹ ਪਵਿੱਤਰ ਅਸਥਾਨ ਹੈ, ਜਿਸ ਦਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਯਾਤਰਾ ਅਤੇ ਇਤਿਹਾਸਕ ਵਿਰਾਸਤ ਨਾਲ ਵਿਸ਼ੇਸ਼ ਸਬੰਧ ਹੈ। ਇਸ ਲਈ ਇੱਥੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਪੂਰੀ ਸ਼ਰਧਾ, ਸੰਜੀਦਗੀ ਅਤੇ ਯੋਜਨਾਬੱਧ ਢੰਗ ਨਾਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੰਗਤ ਦੀ ਆਵਾਜਾਈ, ਵਾਹਨਾਂ ਦੀ ਪਾਰਕਿੰਗ, ਸੜਕਾਂ ਦੀ ਮੁਰੰਮਤ ਅਤੇ ਵਿਵਸਥਾ, ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਰੌਸ਼ਨੀ, ਸਿਹਤ ਸਹੂਲਤਾਂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ।

ਡਿਪਟੀ ਸਪੀਕਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਦੀ ਰੂਪ-ਰੇਖਾ ਤਿਆਰ ਕਰਕੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਭਾਗ ਦੀ ਅਣਗਹਿਲੀ ਕਾਰਨ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪ੍ਰਬੰਧਾਂ ਦੀ ਨਿਰੰਤਰ ਨਿਗਰਾਨੀ ਵੀ ਯਕੀਨੀ ਬਣਾਉਣ।

ਉਨ੍ਹਾਂ ਵਿਸ਼ੇਸ਼ ਤੌਰ 'ਤੇ ਆਵਾਜਾਈ ਦੇ ਪ੍ਰਬੰਧਾਂ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ ਵਾਲੀ ਸੰਗਤ ਲਈ ਆਵਾਜਾਈ ਸੁਚਾਰੂ ਬਣਾਉਣ ਵਾਸਤੇ ਢੁੱਕਵੀਂ ਯੋਜਨਾ ਤਿਆਰ ਕੀਤੀ ਜਾਵੇ, ਤਾਂ ਜੋ ਗੁਰਪੁਰਬ ਸਮਾਗਮਾਂ ਦੌਰਾਨ ਕਿਸੇ ਤਰ੍ਹਾਂ ਦੀ ਟ੍ਰੈਫਿਕ ਸਮੱਸਿਆ ਪੈਦਾ ਨਾ ਹੋਵੇ। ਇਸ ਤੋਂ ਇਲਾਵਾ ਐਮਰਜੈਂਸੀ ਸਿਹਤ ਸੇਵਾਵਾਂ, ਐਂਬੂਲੈਂਸਾਂ, ਮੈਡੀਕਲ ਟੀਮਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵੀ ਢੁੱਕਵਾਂ ਪ੍ਰਬੰਧ ਕੀਤਾ ਜਾਵੇ।

ਸ. ਰੌੜੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਸਾਂਝੀਵਾਲਤਾ ਅਤੇ ਮਾਨਵਤਾ ਦੀ ਸੇਵਾ ਦਾ ਮਹਾਨ ਸੰਦੇਸ਼ ਦਿੱਤਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ 650ਵੇਂ ਗੁਰਪੁਰਬ ਦੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸੰਗਤ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਾਲ-ਨਾਲ ਧਾਰਮਿਕ ਮਰਿਆਦਾ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਇਹ ਸਮਾਗਮ ਕੇਵਲ ਇੱਕ ਧਾਰਮਿਕ ਸਮਾਗਮ ਨਹੀਂ, ਸਗੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਚਾਰਧਾਰਾ, ਸਰਬ-ਸਾਂਝੀਵਾਲਤਾ ਅਤੇ ਇਤਿਹਾਸਕ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਵੀ ਅਹਿਮ ਮੌਕਾ ਹਨ। ਇਸ ਲਈ ਹਰੇਕ ਅਧਿਕਾਰੀ ਅਤੇ ਸਬੰਧਤ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵੇ, ਤਾਂ ਜੋ ਇਹ ਇਤਿਹਾਸਕ ਸਮਾਗਮ ਸੁਚਾਰੂ, ਸ਼ਾਂਤੀਪੂਰਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚੜ੍ਹ ਸਕਣ।

ਮੀਟਿੰਗ ਦੌਰਾਨ ਸਮਾਗਮਾਂ ਨਾਲ ਸਬੰਧਤ ਵੱਖ-ਵੱਖ ਪ੍ਰਬੰਧਕੀ ਪਹਿਲੂਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਗਲੇਰੀ ਕਾਰਵਾਈ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।