ਗੜ੍ਹਸ਼ੰਕਰ, 17 ਜੂਨ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ  ਨੇ ਅੱਜ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਨੂੰ ਹਰ ਪਿੰਡ ਤੱਕ ਪਹੁੰਚਾਉਣ ਦੇ ਮੰਤਵ ਨਾਲ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ ਵਿਖੇ ਹਲਕੇ ਦੀਆਂ ਵੱਖ-ਵੱਖ ਪੰਚਾਇਤਾਂ ਨਾਲ ਵਿਸ਼ੇਸ਼ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਦਾ ਟੀਚਾ ਹਰ ਪਿੰਡ ਵਿੱਚ ਆਧੁਨਿਕ ਸਹੂਲਤਾਂ ਵਾਲੇ ਖੇਡ ਮੈਦਾਨ ਤਿਆਰ ਕਰਨਾ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਦੇ ਮੌਕੇ ਮਿਲ ਸਕਣ।
ਉਨ੍ਹਾਂ ਪੰਚਾਇਤ ਨੁਮਾਇੰਦਿਆਂ ਨਾਲ ਖੇਡ ਮੈਦਾਨਾਂ ਦੀ ਉਸਾਰੀ, ਰੱਖ-ਰਖਾਅ ਅਤੇ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਖੇਡਾਂ ਨੂੰ ਨਸ਼ਿਆਂ ਖ਼ਿਲਾਫ਼ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਿਆ। ਰੌੜੀ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਮੈਦਾਨਾਂ ਲਈ ਯੋਗ ਥਾਵਾਂ ਦੀ ਪਛਾਣ ਕਰਕੇ ਜਲਦ ਪ੍ਰਸਤਾਵ ਭੇਜਣ ਤਾਂ ਜੋ ਵਿਕਾਸ ਕਾਰਜਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾ ਸਕੇ ਅਤੇ ਬਾਕੀ 31 ਖੇਡ ਗਰਾਊਂਡਾਂ ਦਾ ਨਿਰਮਾਣ ਜਲਦੀ ਤੋਂ ਜਲਦੀ ਕੀਤਾ ਜਾ ਸਕੇ।
ਡਿਪਟੀ ਸਪੀਕਰ ਨੇ ਭਰੋਸਾ ਦਿੱਤਾ ਕਿ ਹਲਕੇ ਦੇ ਕਿਸੇ ਵੀ ਪਿੰਡ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਰ ਵਾਜਬ ਮੰਗ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਪੰਚਾਇਤ ਨੁਮਾਇੰਦਿਆਂ ਨੇ ਆਪਣੇ-ਆਪਣੇ ਪਿੰਡਾਂ ਨਾਲ ਸਬੰਧਿਤ ਮਸਲੇ ਅਤੇ ਸੁਝਾਅ ਵੀ ਡਿਪਟੀ ਸਪੀਕਰ ਸਾਹਮਣੇ ਰੱਖੇ। ਰੌੜੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਪਿੰਡਾਂ ਨੂੰ ਹਰ ਪੱਖੋਂ ਮਜ਼ਬੂਤ ਬਣਾਉਣਾ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਸੰਭਾਵਨਾਵਾਂ ਪੈਦਾ ਕਰਕੇ ਪੰਜਾਬ ਨੂੰ ਮੁੜ ਖੇਡਾਂ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ।ਇਸ ਮੌਕੇ ਤੇ ਉਨ੍ਹਾ  ਦੇ ਨਾਲ  ਮਨਜਿੰਦਰ ਕੌਰ  ਬੀ ਡੀ ਪੀ ਓ ਗੜ੍ਹਸ਼ੰਕਰ ਅਤੇ ਹੋਰ ਹਾਜਰ ਸਨ।