ਧੂਰੀ, 2 ਮਾਰਚ:- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਪਿੰਡ ਭੱਦਲਵੱਡ ਵਿਖੇ ਪਿੰਡ ਦੇ ਸਰਬਪੱਖੀ ਵਿਕਾਸ ਲਈ 50 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਵਿੱਚ ਕਰੀਬ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੇਟ ਤੇ ਕੰਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਵੱਲੋਂ ਕਰਵਾਈ ਗਈ।
ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪਿੰਡਾਂ ਵਿੱਚ 50-50 ਲੱਖ ਰੁਪਏ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਪਿੰਡ ਭੱਦਲਵੱਡ ਬਹੁਤ ਹੀ ਇਤਿਹਾਸਿਕ ਪਿੰਡ ਹੈ ਜਿੱਥੇ ਤਿੰਨ ਗੁਰੂ ਸਾਹਿਬਾਨਾਂ ਵੱਲੋਂ ਆਪਣੇ ਚਰਨ ਪਾਏ ਗਏ ਹਨ। ਉਹਨਾਂ ਦੱਸਿਆ ਕਿ ਇੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਚਰਨ ਪਾਏ ਗਏ ਹਨ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਪਿੰਡ ਵਿੱਚ ਕੁੱਲ 50 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰਾਜੈਕਟ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ 5 ਲੱਖ ਰੁਪਏ ਬੱਸ ਅੱਡੇ ਲਈ, 10 ਲੱਖ ਰੁਪਏ ਗੁਰਦੁਆਰਾ ਸਾਹਿਬ ਨੂੰ ਜਾਂਦੇ ਰਸਤੇ ਦੇ ਨਵੀਨੀਕਰਨ ਲਈ, 5 ਲੱਖ ਰੁਪਏ ਪੰਚਾਇਤ ਘਰ ਲਈ ਅਤੇ 20 ਲੱਖ ਰੁਪਏ ਖੇਡ ਮੈਦਾਨ ਦੇ ਵਿਕਾਸ ਲਈ ਖਰਚ ਕੀਤੇ ਜਾਣਗੇ।
ਇਸ ਮੌਕੇ ਪੁਸ਼ਪਿੰਦਰ ਸ਼ਰਮਾ, ਸਰਪੰਚ ਕਰਮਜੀਤ ਸਿੰਘ, ਤੀਰਥ ਸਿੰਘ, ਸੋਹਣ ਸਿੰਘ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ।