ਹੁਸ਼ਿਆਰਪੁਰ/ਦਲਜੀਤ ਅਜਨੋਹਾ:- ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਵਾਜਾਈ ਦੀਆਂ ਸਹੂਲਤਾਂ ਵਿੱਚ ਸੁਧਾਰ ਲਿਆਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਬਡਲਾ ਵਿੱਚ 6 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇੱਕ ਮਹੱਤਵਪੂਰਨ ਪੁਲ ਦਾ ਨੀਂਹ ਪੱਥਰ ਰੱਖਿਆ। ਇਸ ਪੁਲ ਦੇ ਨਿਰਮਾਣ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਨਾਲ ਲੋਕਾਂ, ਵਾਹਨਾਂ ਅਤੇ ਖੇਤੀਬਾੜੀ ਉਤਪਾਦਾਂ ਦੀ ਆਵਾਜਾਈ ਸੁਖਾਲੀ ਹੋਵੇਗੀ। ਖਾਸ ਤੌਰ 'ਤੇ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਨਿਜਾਤ ਮਿਲੇਗੀ।

ਇਸ ਮੌਕੇ ਗੱਲਬਾਤ ਕਰਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ, ਕਿਉਂਕਿ ਬਿਹਤਰ ਸੜਕਾਂ ਅਤੇ ਪੁਲ ਪਿੰਡਾਂ ਦੇ ਲੋਕਾਂ ਦੀ ਸਹੂਲਤ ਅਤੇ ਆਰਥਿਕ ਖੁਸ਼ਹਾਲੀ ਵਿੱਚ ਸਿੱਧਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਇਸ ਸੋਚ ਨਾਲ ਕਰਵਾਏ ਜਾ ਰਹੇ ਹਨ ਕਿ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਬੁਨਿਆਦੀ ਸਹੂਲਤਾਂ ਵਿੱਚ ਵੀ ਸੁਧਾਰ ਲਿਆਂਦਾ ਜਾ ਸਕੇ।

ਪਿੰਡ ਬਡਲਾ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇੱਥੇ 4 ਲੱਖ ਰੁਪਏ ਦੀ ਲਾਗਤ ਨਾਲ ਜਿਮ, 17 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ, 1.29 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਸਟਰੀਟ ਲਾਈਟਾਂ, 13 ਲੱਖ ਰੁਪਏ ਦੇ ਸਟਰੀਟ ਅਤੇ ਡਰੇਨੇਜ ਦੇ ਕੰਮ ਅਤੇ 4 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨਘਾਟ ਵਿੱਚ ਫਰਸ਼ ਅਤੇ ਸ਼ੈੱਡ ਬਣਾਉਣ ਦੇ ਕੰਮ ਮੁਕੰਮਲ ਕੀਤੇ ਜਾ ਚੁੱਕੇ ਹਨ।

ਇਸ ਤੋਂ ਇਲਾਵਾ 15 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਅਤੇ 26.97 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੇ ਵਿਕਾਸ ਦਾ ਕੰਮ ਜਾਰੀ ਹੈ। ਇਸੇ ਤਰ੍ਹਾਂ 3 ਲੱਖ ਰੁਪਏ ਦੀ ਲਾਗਤ ਨਾਲ ਇੱਕ ਹੋਰ ਖੇਡ ਮੈਦਾਨ ਬਣਾਉਣ ਦਾ ਕੰਮ ਲੰਬਿਤ ਹੈ।

ਉਨ੍ਹਾਂ ਇਲਾਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਦੱਸਿਆ ਕਿ 64.39 ਲੱਖ ਰੁਪਏ ਦੀ ਲਾਗਤ ਨਾਲ 3.72 ਕਿਲੋਮੀਟਰ ਲੰਬੀ ਪੱਤੀ ਤੋਂ ਬਡਲਾ ਵਾਇਆ ਹਰਮੋਇਆ ਸੜਕ ਦਾ ਨਿਰਮਾਣ ਕਾਰਜ ਜਾਰੀ ਹੈ, ਜਦਕਿ 30 ਲੱਖ ਰੁਪਏ ਦੀ ਲਾਗਤ ਨਾਲ 1 ਕਿਲੋਮੀਟਰ ਲੰਬੀ ਹਰਟਾ ਬਡਲਾ-ਬਣ ਵਾਲੀ ਸੜਕ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਹਰਮੋਇਆ ਤੋਂ ਪੱਤੀ ਬਡਲਾ ਤੱਕ ਸੜਕ ਅਤੇ ਇਸ ਉੱਤੇ 12.50 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਕਾਜਵੇ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।

ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਵਿਕਾਸ ਦਾ ਅਸਲ ਮਕਸਦ ਉਦੋਂ ਹੀ ਪੂਰਾ ਹੁੰਦਾ ਹੈ, ਜਦੋਂ ਇਸ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚੇ। ਉਨ੍ਹਾਂ ਵਸਨੀਕਾਂ ਨੂੰ ਭਰੋਸਾ ਦਿਵਾਇਆ ਕਿ ਜਾਰੀ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਅਤੇ ਸੜਕਾਂ, ਡਰੇਨੇਜ, ਜਨਤਕ ਸਹੂਲਤਾਂ ਅਤੇ ਪੇਂਡੂ ਸੰਪਰਕ ਸਾਧਨਾਂ ਵਿੱਚ ਹੋਰ ਸੁਧਾਰ ਲਿਆਉਣ ਦੇ ਯਤਨ ਲਗਾਤਾਰ ਜਾਰੀ ਰਹਿਣਗੇ।