ਲਾਲੜੂ, 11 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ’ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਵਾਰਡ ਨੰਬਰ 4 ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾ ਜੀ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਅਤੇ ਸ਼ਰਧਾਲੂਆਂ ਤੋਂ ਕਿਸੇ ਵੀ ਤਰ੍ਹਾਂ ਦੀ ਕੋਈ ਫੀਸ ਨਹੀਂ ਲਈ ਜਾਂਦੀ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਲੋਕਾਂ ਦੀ ਧਾਰਮਿਕ ਆਸਥਾ ਦਾ ਸਨਮਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਵੀ ਪ੍ਰਦਾਨ ਕਰ ਰਿਹਾ ਹੈ।

ਬੱਸ ਰਵਾਨਾ ਹੋਣ ਮੌਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਵੱਲੋਂ ਅਜਿਹੇ ਲੋਕ-ਪੱਖੀ ਉਪਰਾਲੇ ਜਾਰੀ ਰੱਖੇ ਜਾਣਗੇ।

ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸ. ਜੋਰਾਵਰ ਸਿੰਘ, ਮੀਤ ਪ੍ਰਧਾਨ ਸ. ਅਮਨ ਰਾਣਾ, ਸੀਨੀਅਰ ਆਗੂ ਰੂਪ ਰਾਣਾ, ਯੂਥ ਕੋਆਰਡੀਨੇਟਰ ਗਗਨਦੀਪ ਸਿੰਘ ਅਤੇ ਪਵਨ ਸ਼ਰਮਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।