ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਅਗਸਤ:- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈ ਗਈ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡਾਂ ਵਿੱਚ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਕਲ੍ਹ ਪਿੰਡ ਦਾਉਂ ਅਤੇ ਬਹਿਲੋਲਪੁਰ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ’ਤੇ ਆਧਾਰਿਤ ਇਸ ਦਸਤਾਵੇਜ਼ੀ ਫ਼ਿਲਮ ਦੇ ਦਰਸ਼ਨ ਕੀਤੇ।
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਦਸਤਾਵੇਜ਼ੀ ਫ਼ਿਲਮ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਦਿਖਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਤੋਂ ਪ੍ਰੇਰਨਾ ਲੈ ਸਕਣ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਵਿੱਚ ਸਮਾਨਤਾ, ਭਾਈਚਾਰਕ ਸਾਂਝ ਅਤੇ ਮਾਨਵਤਾ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਮਹਾਨ ਕਾਰਜ ਕੀਤਾ। ਉਨ੍ਹਾਂ ਦੇ ਵਿਚਾਰ ਅੱਜ ਵੀ ਸਮਾਜ ਨੂੰ ਸਹੀ ਮਾਰਗ ਦਿਖਾਉਂਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਮਹਾਨ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਫ਼ਲਸਫ਼ੇ ਨਾਲ ਜੋੜਨਾ ਹੈ।
ਇਸ ਮੌਕੇ ਪਿੰਡਾਂ ਦੀਆਂ ਸੰਗਤਾਂ ਨੇ ਦਸਤਾਵੇਜ਼ੀ ਫ਼ਿਲਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਸਹਾਇਕ ਸਾਬਤ ਹੋਣਗੇ।