ਚੰਡੀਗੜ੍ਹ, 21 ਅਗਸਤ:- ਚੰਡੀਗੜ੍ਹ ਪੰਜਾਬੀ ਮੰਚ ਵੱਲੋਂ 30 ਅਕਤੂਬਰ ਨੂੰ ਸੈਕਟਰ 17 ਵਿਖੇ ਪੁੱਲ ਦੇ ਹੇਠਾਂ ਇੱਕ ਵਿਸ਼ਾਲ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸੇ ਸਬੰਧ ਵਿੱਚ ਇੱਕ ਮੀਟਿੰਗ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਅਤੇ ਜਨਰਲ ਸਕੱਤਰ ਕਾਮਰੇਡ ਦੇਵੀ ਦਿਆਲ ਸ਼ਰਮਾ ਦੀ ਅਗਵਾਈ ਹੇਠ ਹੋਈ ਹੋਈ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੰਚ ਦੇ ਆਗੂਆਂ ਨੇ ਦੱਸਿਆ ਕਿ ਮੰਚ ਵੱਲੋਂ ਹਰ ਸਾਲ 1 ਨਵੰਬਰ ਨੂੰ ਕਾਲੇ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਵਾਰ ਵੀ 30 ਅਕਤੂਬਰ ਨੂੰ ਪੁਲ ਦੇ ਹੇਠਾਂ ਧਰਨਾ ਦੇ ਕੇ ਚੰਡੀਗੜ੍ਹ ਪ੍ਰਸ਼ਾਸਨ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਖਿਲਾਫ ਰੋਸ ਦਾ ਪ੍ਰਗਟਾਵਾ ਕੀਤਾ ਜਾਵੇਗਾ।
ਉਹਨਾਂ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਨਿਕ ਭਾਸ਼ਾ ਦਾ ਦਰਜਾ ਦੇਣ ਵਿੱਚ ਬਿਲਕੁਲ ਚੁੱਪ ਵੱਟੀ ਬੈਠਾ ਹੈ। ਮੰਚ ਵੱਲੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਬਾਵਜੂਦ ਕੋਈ ਅਸਰ ਨਹੀਂ ਹੋ ਰਿਹਾ। 
ਉਹਨਾਂ ਕਿਹਾ ਕਿ 30 ਅਕਤੂਬਰ ਨੂੰ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਾਮਿਲ ਹੋਣ ਲਈ ਚੰਡੀਗੜ੍ਹ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ ਤਾਂ ਜੋ ਉਹ ਧਰਨੇ ਵਿੱਚ ਆ ਕੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣਾ ਸਟੈਂਡ ਸਪੱਸ਼ਟ ਕਰਨ।
ਮੰਚ ਦੇ ਅਹੁਦੇਦਾਰਾਂ ਨੇ ਇਹ ਵੀ ਕਿਹਾ ਕਿ ਚੰਡੀਗੜ੍ਹ ਵਿੱਚ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਵੀ ਪੰਜਾਬੀ ਭਾਸ਼ਾ ਨੂੰ ਪਿਆਰ ਨਾ ਕਰਨ ਵਾਲਿਆਂ ਦੀ ਖਿਲਾਫਤ ਕੀਤੀ ਜਾਵੇਗੀ।
ਧਰਨੇ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਲਈ ਆਉਣ ਵਾਲੇ ਦਿਨਾਂ ਵਿੱਚ ਮੰਚ ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨੂੰ ਧਰਨੇ ਲਈ ਲਾਮਬੰਦ ਕੀਤਾ ਜਾਵੇਗਾ।
ਇਸ ਮੌਕੇ ਮੰਚ ਦੇ ਸਕੱਤਰ ਗੁਰਪ੍ਰੀਤ ਸਿੰਘ ਸੋਮਲ, ਪੇਂਡੂ ਸੰਘਰਸ਼ ਕਮੇਟੀ ਦੇ ਸਰਪ੍ਰਸਤ ਬਾਬਾ ਗੁਰਦਿਆਲ ਸਿੰਘ ਖੁੱਡਾ ਅਲੀਸ਼ੇਰ, ਕੈਸ਼ੀਅਰ ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ, ਗੁਰਦੁਆਰਾ ਸਾਹਿਬ ਸੈਕਟਰ 7 ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸਲ ਸਮੇਤ ਭੁਪਿੰਦਰ ਸਿੰਘ, ਚਰਨਜੀਤ ਸਿੰਘ ਬੈਦਵਾਨ, ਗੁਰਮੁਖ ਸਿੰਘ ਸਕੇਤੜੀ, ਬਲਜਿੰਦਰ ਸਿੰਘ ਧਾਲੀਵਾਲ ਅਤੇ ਮਾਸਟਰ ਮੋਹਨ ਸਿੰਘ ਵੀ ਹਾਜ਼ਰ ਸਨ।