ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਆਗਾਮੀ ਵਿਧਾਨ ਸਭਾ ਚੋਣਾਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀ.ਆਈ.ਜੀ.) ਨਵੀਨ ਸਿੰਗਲਾ ਨੇ ਅੱਜ ਇੱਥੇ ਰੇਂਜ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਚੌਕਸੀ ਅਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ।

ਸਥਾਨਕ ਪੁਲਿਸ ਲਾਈਨ ਵਿਖੇ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਰੇਂਜ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਦੌਰਾਨ ਡੀ.ਆਈ.ਜੀ. ਨਵੀਨ ਸਿੰਗਲਾ ਨੇ ਦੋਵਾਂ ਸੂਬਿਆਂ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧ ਹੋਰ ਪੁਖ਼ਤਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੰਤਰਰਾਜੀ ਨਾਕਿਆਂ ’ਤੇ ਪਹਿਲਾਂ ਨਾਲੋਂ ਵਧੇਰੇ ਚੌਕਸੀ ਵਰਤੀ ਜਾਵੇ ਅਤੇ ਪੁਲਿਸ ਨਫ਼ਰੀ ਵਧਾਈ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਸਰਗਰਮੀ ’ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਹੁਸ਼ਿਆਰਪੁਰ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਦਾ ਹੁਸ਼ਿਆਰਪੁਰ ਪੁਲਿਸ ਨਾਲ ਲਗਾਤਾਰ ਤਾਲਮੇਲ ਹੋਣਾ ਚਾਹੀਦਾ ਹੈ, ਤਾਂ ਜੋ ਅਹਿਮ ਜਾਣਕਾਰੀਆਂ ਤੁਰੰਤ ਅਤੇ ਸਮੇਂ ਸਿਰ ਸਾਂਝੀਆਂ ਕੀਤੀਆਂ ਜਾ ਸਕਣ।

ਡੀ.ਆਈ.ਜੀ. ਨਵੀਨ ਸਿੰਗਲਾ ਨੇ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਅੰਤਰਰਾਜੀ ਨਾਕਿਆਂ ਦੀ ਨਿਯਮਤ ਜਾਂਚ ਕਰਨ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਇਨ੍ਹਾਂ ਨਾਕਿਆਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸੁਚਾਰੂ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਹਰ ਤਰ੍ਹਾਂ ਦੀ ਸਰਗਰਮੀ ’ਤੇ ਪੈਨੀ ਨਜ਼ਰ ਰੱਖੀ ਜਾ ਸਕੇ।

ਦੋਵਾਂ ਸੂਬਿਆਂ ਵਿਚਕਾਰ ਆਵਾਜਾਈ ਦੌਰਾਨ ਸਮੇਂ-ਸਮੇਂ ’ਤੇ ਜਾਂਚ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀ.ਆਈ.ਜੀ. ਨੇ ਦੋਵਾਂ ਪਾਸਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਨਾਕਿਆਂ ਦਾ ਸਾਂਝੇ ਤੌਰ ’ਤੇ ਦੌਰਾ ਕਰਨ ਅਤੇ ਆਉਣ ਵਾਲੇ ਸਮੇਂ ਲਈ ਸੁਰੱਖਿਆ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਲਈ ਕਿਹਾ। ਉਨ੍ਹਾਂ ਗੁਆਂਢੀ ਸੂਬੇ ਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨੂੰ ਆਗਾਮੀ ਚੋਣਾਂ ਦੇ ਮੱਦੇਨਜ਼ਰ ਲਗਾਤਾਰ ਸੰਪਰਕ ਵਿੱਚ ਰਹਿਣ ਦੀ ਤਾਕੀਦ ਕੀਤੀ, ਤਾਂ ਜੋ ਗੈਰ-ਸਮਾਜਿਕ ਸਰਗਰਮੀਆਂ ਵਿੱਚ ਸ਼ਾਮਲ ਅਨਸਰਾਂ ਵਿਰੁੱਧ ਸਮੇਂ ਸਿਰ ਠੋਸ ਕਾਰਵਾਈ ਕੀਤੀ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ, ਕਪੂਰਥਲਾ ਦੇ ਐਸ.ਐਸ.ਪੀ. ਗੌਰਵ ਟੂਰਾ, ਜਲੰਧਰ ਦਿਹਾਤੀ ਦੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਗੁਆਂਢੀ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।