ਜਲੰਧਰ:- ਗ਼ਦਰ ਲਹਿਰ ਅਤੇ ਭਾਰਤ ਦੀ ਆਜ਼ਾਦੀ ਦੀ ਇਨਕਲਾਬੀ ਲਹਿਰ ਦੇ ਮਹਾਨ ਯੋਧੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਸ਼ੇਸ਼ ਵਿਚਾਰ-ਚਰਚਾ ਸਮਾਗਮ ਕਰਵਾਇਆ ਜਾਵੇਗਾ। ਇਹ ਸਮਾਗਮ ਦੁਪਹਿਰ 2:30 ਵਜੇ ਸ਼ੁਰੂ ਹੋਵੇਗਾ।
ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਉੱਘੇ ਵਿਦਵਾਨ, ਲੇਖਕ ਅਤੇ ਰੰਗਕਰਮੀ ਸ਼ਮਸੁਲ ਇਸਲਾਮ ਵੱਲੋਂ ਲਿਖੀ ਪੁਸਤਕ ‘ਭਾਰਤ-ਵੰਡ ਵਿਰੋਧੀ ਮੁਸਲਮਾਨ’ (ਦੇਸ਼-ਪ੍ਰੇਮੀ ਮੁਸਲਮਾਨਾਂ ਦੀ ਅਣਕਹੀ ਦਾਸਤਾਨ) ਉੱਤੇ ਗੰਭੀਰ ਵਿਚਾਰ-ਚਰਚਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਵਿਚਾਰ-ਚਰਚਾ ਦੇ ਮੁੱਖ ਵਕਤਾ ਪੁਸਤਕ ਦੇ ਪੰਜਾਬੀ ਅਨੁਵਾਦਕ ਬੂਟਾ ਸਿੰਘ ਮਹਿਮੂਦਪੁਰ ਹੋਣਗੇ। ਇਸ ਤੋਂ ਇਲਾਵਾ ਕਈ ਪ੍ਰਸਿੱਧ ਬੁੱਧੀਜੀਵੀਆਂ, ਇਤਿਹਾਸਕਾਰਾਂ ਅਤੇ ਲੇਖਕਾਂ ਨੂੰ ਵੀ ਸੱਦਾ ਦਿੱਤਾ ਜਾ ਰਿਹਾ ਹੈ, ਜੋ ਆਪਣੇ ਵਿਚਾਰਾਂ ਰਾਹੀਂ ਸਮਾਗਮ ਨੂੰ ਹੋਰ ਵੀ ਅਰਥਪੂਰਨ ਬਣਾਉਣਗੇ।
ਦੇਸ਼ ਭਗਤ ਯਾਦਗਾਰ ਕਮੇਟੀ ਨੇ ਸਮੂਹ ਲੋਕ-ਪੱਖੀ ਸੰਸਥਾਵਾਂ, ਸਾਹਿਤਕਾਰਾਂ, ਬੁੱਧੀਜੀਵੀਆਂ ਅਤੇ ਆਮ ਲੋਕਾਂ ਨੂੰ ਇਸ ਵਿਚਾਰ-ਚਰਚਾ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਇਤਿਹਾਸ ਦੇ ਅਣਗੌਲੇ ਪੱਖਾਂ ਨੂੰ ਸਮਝਣ ਅਤੇ ਆਜ਼ਾਦੀ ਦੇ ਸੰਘਰਸ਼ ਦੀ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਬਹੁਤ ਮਹੱਤਵਪੂਰਨ ਹਨ।