ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਜੁਲਾਈ:- ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ-2026) ਦੇ ਚੱਲ ਰਹੇ ਕਾਰਜਾਂ ਤਹਿਤ ਏ.ਡੀ.ਸੀ.-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੀਤਿਕਾ ਸਿੰਘ ਨੇ ਐਸ.ਡੀ.ਐਮ.-ਕਮ-ਇਲੈਕਟੋਰਲ ਰਜਿਸਟ੍ਰੇਸ਼ਨ ਅਫ਼ਸਰ, ਵਿਧਾਨ ਸਭਾ ਹਲਕਾ-52 ਖਰੜ, ਸ੍ਰੀ ਗੁਰਮੀਤ ਸਿੰਘ ਨਾਲ ਫੀਲਡ ਦੌਰਾ ਕਰਕੇ ਰਿਵੀਜ਼ਨ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਦੌਰੇ ਦੌਰਾਨ ਅਧਿਕਾਰੀਆਂ ਨੇ ਐਨੂਮਰੇਸ਼ਨ ਫਾਰਮਾਂ ਦੇ ਡਿਜ਼ੀਟਾਈਜ਼ੇਸ਼ਨ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਇਸ ਕਾਰਜ ਵਿੱਚ ਲੱਗੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਨਾਲ ਗੱਲਬਾਤ ਕੀਤੀ। ਉਨ੍ਹਾਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਪੂਰੀ ਸ਼ੁੱਧਤਾ ਨਾਲ ਕਾਰਜ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਇੱਕ ਅਹਿਮ ਪ੍ਰਕਿਰਿਆ ਹੈ, ਜਿਸ ਦਾ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਅੱਪਡੇਟ ਅਤੇ ਗਲਤੀ-ਰਹਿਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹਰ ਐਨੂਮਰੇਸ਼ਨ ਫਾਰਮ ਦਾ ਡਿਜ਼ੀਟਾਈਜ਼ੇਸ਼ਨ ਪੂਰੀ ਸਾਵਧਾਨੀ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਸਮੂਹ ਚੋਣ ਅਮਲਾ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਵੇ।
ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਯਮਤ ਫੀਲਡ ਦੌਰਿਆਂ ਅਤੇ ਸਮੀਖਿਆਵਾਂ ਰਾਹੀਂ ਇਸ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਬੂਥ ਲੈਵਲ ਅਫ਼ਸਰਾਂ ਅਤੇ ਚੋਣ ਅਮਲੇ ਨੂੰ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਹੀ ਅਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਚੋਣ ਅਮਲਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਹਰ ਯੋਗ ਵੋਟਰ ਨੂੰ ਭਾਰਤ ਦੇ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਯਕੀਨੀ ਬਣਾਇਆ ਜਾ ਸਕੇ।