ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੂਨ:- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਮਾਡਲ ਕਰੀਅਰ ਸੈਂਟਰ), ਐਸ.ਏ.ਐਸ. ਨਗਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਹਰਪ੍ਰੀਤ ਸਿੰਘ ਮਾਨਸ਼ਾਹੀਆ, ਡਿਪਟੀ ਡਾਇਰੈਕਟਰ, ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 25-06-2026 ਅਤੇ 26-06-2026 ਨੂੰ ਸਵੇਰੇ 10 ਤੋਂ 2 ਵਜੇ ਤੱਕ ਟੀ ਡੀ ਐਸ ਮੈਨੇਜਮੈਂਟ ਕੰਸਲਟੈਂਟਸ ਪ੍ਰਾਈਵੇਟ ਲਿਮਿਟਡ ਵੱਲੋਂ ਇਲੈਕਟ੍ਰੀਕਲ ਖੇਤਰ ਦੀਆਂ ਵੱਖ-ਵੱਖ ਅਸਾਮੀਆਂ ਜਿਵੇਂ ਮੀਟਰ ਰੀਡਰ, ਸਰਕਲ ਇੰਚਾਰਜ, ਸੁਪਰਵਾਈਜ਼ਰ ਆਦਿ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ 12ਵੀਂ ਪਾਸ, ਆਈ.ਟੀ.ਆਈ. (ਇਲੈਕਟ੍ਰੀਕਲ) ਅਤੇ ਇਸ ਤੋਂ ਉੱਚ ਯੋਗਤਾ ਵਾਲੇ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਇੱਛੁਕ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਨਾਲ ਬਾਇਓਡਾਟਾ, ਵਿਦਿਅਕ ਯੋਗਤਾ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋਕਾਪੀਆਂ, ਆਧਾਰ ਕਾਰਡ ਅਤੇ ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਨਿਰਧਾਰਿਤ ਸਮੇਂ ਤੇ ਟੀ ਡੀ ਐਸ ਟਾਵਰ, ਪਲਾਟ ਨੰਬਰ ਈ 193, ਫੇਸ 8 ਬੀ, ਇੰਡਸਟਰੀਅਲ ਏਰੀਆ, ਮੋਹਾਲੀ ਵਿਖੇ ਹਾਜ਼ਰ ਹੋਣ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਕਿਹਾ ਕਿ ਇਹ ਰੋਜ਼ਗਾਰ ਮੇਲਾ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਦਾ ਵਧੀਆ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਵੱਧ ਤੋਂ ਵੱਧ ਯੋਗ ਉਮੀਦਵਾਰਾਂ ਨੂੰ ਇਸ ਮੌਕੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਰੋਜ਼ਗਾਰ ਮੇਲੇ ਸੰਬੰਧੀ ਹੋਰ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ. ਨਗਰ ਨਾਲ ਸੰਪਰਕ ਕਰ ਸਕਦੇ ਹਨ।