ਗੜ੍ਹਸ਼ੰਕਰ:- ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਪੋੱਸੀ ਵਿਖੇ ਐਲ.ਐਚ.ਵੀ., ਹੈਲਥ ਇੰਸਪੈਕਟਰਾਂ, ਏ.ਐਨ.ਐਮ., ਮਲਟੀਪਰਪਜ਼ ਹੈਲਥ ਵਰਕਰ (ਮਹਿਲਾ) ਅਤੇ ਕਮਿਊਨਿਟੀ ਹੈਲਥ ਅਫ਼ਸਰਾਂ (ਸੀ.ਐਚ.ਓ.) ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਡਾ. ਸੀਮਾ ਗਰਗ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਫੀਲਡ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਹਰ ਸ਼ੁੱਕਰਵਾਰ ਡਰਾਈ ਡੇਅ ਮਨਾਉਂਦਿਆਂ ਘਰ-ਘਰ ਜਾ ਕੇ ਲਾਰਵਾ ਸਰਵੇਲੈਂਸ ਕੀਤੀ ਜਾਵੇ, ਲੋਕਾਂ ਨੂੰ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਬੁਖ਼ਾਰ ਦੇ ਮਰੀਜ਼ਾਂ ਦੀ ਤੁਰੰਤ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਲਾਪਰਵਾਹੀ ਸਾਹਮਣੇ ਆਉਣ 'ਤੇ ਸਬੰਧਤ ਕਰਮਚਾਰੀ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।
ਉਨ੍ਹਾਂ ਸਾਰੇ ਸਟਾਫ ਨੂੰ ਪੀਣ ਵਾਲੇ ਪਾਣੀ ਦੀ ਨਿਯਮਿਤ ਕਲੋਰੀਨੇਸ਼ਨ, ਵਾਟਰ ਸੈਂਪਲਿੰਗ, ਫੂਡ ਸੇਫਟੀ ਸਬੰਧੀ ਗਤੀਵਿਧੀਆਂ ਨੂੰ ਤੇਜ਼ ਕਰਨ ਅਤੇ ਜਨਤਾ ਨੂੰ ਸੁਰੱਖਿਅਤ ਭੋਜਨ ਅਤੇ ਸਾਫ਼ ਪਾਣੀ ਬਾਰੇ ਜਾਗਰੂਕ ਕਰਨ ਦੀ ਹਦਾਇਤ ਦਿੱਤੀ।
ਮੀਟਿੰਗ ਦੌਰਾਨ ਮਾਤਾ ਅਤੇ ਬੱਚਾ ਸਿਹਤ ਸੇਵਾਵਾਂ, ਟੀ.ਬੀ. ਪ੍ਰੋਗਰਾਮ, ਐਨ.ਸੀ.ਡੀ. ਸਕ੍ਰੀਨਿੰਗ, ਐਚ.ਪੀ.ਡੀ. ਟੈਲੀਕੰਸਲਟੇਸ਼ਨ, ਐਚ.ਐਮ.ਆਈ.ਐਸ. ਰਿਪੋਰਟਿੰਗ ਅਤੇ ਹੋਰ ਆਨਲਾਈਨ ਪੋਰਟਲਾਂ 'ਤੇ ਸਮੇਂ ਸਿਰ ਸਹੀ ਐਂਟਰੀਆਂ ਕਰਨ ਸਬੰਧੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਰਜਿਸਟਰ ਅਤੇ ਰਿਕਾਰਡ ਅਪ-ਟੂ-ਡੇਟ ਰੱਖੇ ਜਾਣ ਅਤੇ ਰਿਪੋਰਟਿੰਗ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਨਾ ਹੋਵੇ।
ਡਾ. ਸੀਮਾ ਗਰਗ ਨੇ ਰੁਟੀਨ ਟੀਕਾਕਰਨ ਦੀ ਸਮੀਖਿਆ ਕਰਦਿਆਂ ਸਖ਼ਤ ਨਿਰਦੇਸ਼ ਦਿੱਤੇ ਕਿ ਹਰ ਯੋਗ ਬੱਚੇ ਦਾ 100 ਫੀਸਦੀ ਟੀਕਾਕਰਨ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਡ੍ਰਾਪਆਊਟ ਜਾਂ ਲੈਫਟ ਆਊਟ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਤੁਰੰਤ ਟੀਕਾਕਰਨ ਕੀਤਾ ਜਾਵੇ।
ਉਨ੍ਹਾਂ ਐਚ.ਪੀ.ਵੀ. (HPV) ਟੀਕਾਕਰਨ ਦੀ ਵੀ ਸਮੀਖਿਆ ਕੀਤੀ ਅਤੇ ਹਦਾਇਤ ਦਿੱਤੀ ਕਿ ਯੋਗ ਲੜਕੀਆਂ ਦਾ 100 ਫੀਸਦੀ ਐਚ.ਪੀ.ਵੀ. ਟੀਕਾਕਰਨ ਯਕੀਨੀ ਬਣਾਇਆ ਜਾਵੇ। ਸਕੂਲਾਂ ਅਤੇ ਭਾਈਚਾਰੇ ਵਿੱਚ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਡਾ. ਗਰਗ ਨੇ ਦੱਸਿਆ ਕਿ 28 ਜੁਲਾਈ ਨੂੰ ਵਿਸ਼ਵ ਹੈਪੇਟਾਈਟਿਸ ਦਿਵਸ ਮਨਾਇਆ ਜਾਵੇਗਾ। ਇਸ ਸਬੰਧੀ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਹੈਪੇਟਾਈਟਿਸ ਬੀ ਅਤੇ ਸੀ ਤੋਂ ਬਚਾਅ, ਸਮੇਂ ਸਿਰ ਜਾਂਚ, ਇਲਾਜ ਅਤੇ ਟੀਕਾਕਰਨ ਬਾਰੇ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ 1 ਤੋਂ 7 ਅਗਸਤ ਤੱਕ ਵਿਸ਼ਵ ਛਾਤੀ ਦਾ ਦੁੱਧ ਹਫ਼ਤਾ (World Breastfeeding Week) ਮਨਾਇਆ ਜਾਵੇਗਾ। ਇਸ ਦੌਰਾਨ ਗਰਭਵਤੀ ਮਹਿਲਾਵਾਂ ਅਤੇ ਨਵੀਆਂ ਮਾਵਾਂ ਨੂੰ ਜਨਮ ਤੋਂ ਇੱਕ ਘੰਟੇ ਦੇ ਅੰਦਰ ਬੱਚੇ ਨੂੰ ਮਾਂ ਦਾ ਦੁੱਧ ਪਿਲਾਉਣ, ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਦੇਣ ਅਤੇ ਦੋ ਸਾਲ ਤੱਕ ਪੂਰਕ ਆਹਾਰ ਦੇ ਨਾਲ ਛਾਤੀ ਦਾ ਦੁੱਧ ਜਾਰੀ ਰੱਖਣ ਸਬੰਧੀ ਵਿਆਪਕ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ ਗਏ।
ਮੀਟਿੰਗ ਦੌਰਾਨ ਸਾਰੇ ਫੀਲਡ ਸਟਾਫ ਨੂੰ ਪਿੰਡ ਪੱਧਰ 'ਤੇ ਲੋਕਾਂ ਵਿੱਚ ਸਿਹਤ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰਨ, ਸਾਰੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨ ਅਤੇ ਸਰਕਾਰੀ ਸਿਹਤ ਸੇਵਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਕਿਹਾ ਗਿਆ।
ਡਾ. ਸੀਮਾ ਗਰਗ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਰਾਸ਼ਟਰੀ ਸਿਹਤ ਪ੍ਰੋਗਰਾਮ ਵਿੱਚ ਲਾਪਰਵਾਹੀ, ਰਿਪੋਰਟਿੰਗ ਵਿੱਚ ਦੇਰੀ ਜਾਂ ਨਿਰਧਾਰਤ ਟੀਚਿਆਂ ਨੂੰ ਪੂਰਾ ਨਾ ਕਰਨ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਹਰ ਅਧਿਕਾਰੀ ਅਤੇ ਕਰਮਚਾਰੀ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਜਵਾਬਦੇਹੀ ਅਤੇ ਸਮੇਂ ਦੀ ਪਾਬੰਦੀ ਨਾਲ ਨਿਭਾਏ ਤਾਂ ਜੋ ਜ਼ਿਲ੍ਹੇ ਦੇ ਸਿਹਤ ਸੂਚਕਾਂਕਾਂ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।