ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ, 2026:- ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ਅੱਜ ਪੰਜਾਬੀ ਸਾਹਿਤ ਸਿਰਜਣ, ਕਵਿਤਾ ਗਾਇਨ ਅਤੇ ਕੁਇਜ਼ ਮੁਕਾਬਲੇ-2026 ਦੇ ਜੇਤੂ ਵਿਦਿਆਰਥੀਆਂ ਅਤੇ ਉਰਦੂ ਸਿਖਿਆਰਥੀਆਂ ਦੇ ਸਨਮਾਨ ਲਈ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਐੱਸ.ਏ.ਐੱਸ. ਨਗਰ ਸ੍ਰੀ ਪ੍ਰੇਮ ਕੁਮਾਰ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਸ਼ੁਰੂਆਤ ਵਿੱਚ ਖੋਜ ਅਫ਼ਸਰ ਡਾ. ਦਰਸ਼ਨ ਕੌਰ ਨੇ ਮਹਿਮਾਨਾਂ ਅਤੇ ਸਰੋਤਿਆਂ ਦਾ ਨਿੱਘਾ ਸਵਾਗਤ ਕਰਦਿਆਂ ਦਫ਼ਤਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ, ਸਾਹਿਤ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੇ ਨਾਲ ਹੀ ਭਾਸ਼ਾਈ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਦਫ਼ਤਰ ਵੱਲੋਂ ਚਲਾਈ ਜਾ ਰਹੀ ਉਰਦੂ ਆਮੋਜ਼ ਜਮਾਤ (ਜਨਵਰੀ 2026 ਸੈਸ਼ਨ) ਦੇ ਸਿਖਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਮੁੱਖ ਮਹਿਮਾਨ ਸ੍ਰੀ ਪ੍ਰੇਮ ਕੁਮਾਰ ਮਿੱਤਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਕਾਰਨ ਅਧਿਆਪਕਾਂ ਵੱਲੋਂ ਦਿੱਤਾ ਗਿਆ ਸਹੀ ਮਾਰਗਦਰਸ਼ਨ ਅਤੇ ਮਾਪਿਆਂ ਦਾ ਸਹਿਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਨਾਲ-ਨਾਲ ਉਰਦੂ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ਉਰਦੂ ਆਮੋਜ਼ ਦੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕਰਦਿਆਂ ਹੋਰ ਭਾਸ਼ਾਵਾਂ ਸਿੱਖਣ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ-2026 ਦੇ ਨਤੀਜੇ ਇਸ ਪ੍ਰਕਾਰ ਰਹੇ: ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਰਜਨੀਸ਼ ਕੌਰ (ਸਕੂਲ ਆਫ਼ ਐਮੀਨੈਂਸ, ਡੇਰਾਬੱਸੀ), ਦੂਜਾ ਸਥਾਨ ਮਨਦੀਪ ਕੌਰ (ਸਕੂਲ ਆਫ਼ ਐਮੀਨੈਂਸ, ਡੇਰਾਬੱਸੀ) ਅਤੇ ਤੀਜਾ ਸਥਾਨ ਨੈਨਸੀ (ਸਰਕਾਰੀ ਹਾਈ ਸਕੂਲ, ਮੌਲੀ ਬੈਦਵਾਣ) ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਰਸ਼ਦੀਪ ਕੌਰ ਧਨੋਆ (ਸਕੂਲ ਆਫ਼ ਐਮੀਨੈਂਸ, ਖਰੜ), ਦੂਜਾ ਸਥਾਨ ਸੁਖਪ੍ਰੀਤ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਜਾਤੜੀ) ਅਤੇ ਤੀਜਾ ਸਥਾਨ ਹਰਜੋਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ-66, ਮੋਹਾਲੀ) ਨੇ ਪ੍ਰਾਪਤ ਕੀਤਾ। ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਅਨੂ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਪੰਡਵਾਲਾ), ਦੂਜਾ ਸਥਾਨ ਸਵੈਨ ਸਹੋਤਾ (ਸਕੂਲ ਆਫ਼ ਐਮੀਨੈਂਸ, ਡੇਰਾਬੱਸੀ) ਅਤੇ ਤੀਜਾ ਸਥਾਨ ਗੁਰਸਿਮਰਤ ਕੌਰ (ਦਸ਼ਮੇਸ਼ ਖਾਲਸਾ ਪਬਲਿਕ ਸਕੂਲ, ਐੱਸ.ਏ.ਐੱਸ. ਨਗਰ) ਨੇ ਪ੍ਰਾਪਤ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਮਾਨਵਜੀਤ ਸਿੰਘ (ਗਿਆਨ ਜਯੋਤੀ ਗਲੋਬਲ ਸਕੂਲ, ਐੱਸ.ਏ.ਐੱਸ. ਨਗਰ), ਦੂਜਾ ਸਥਾਨ ਦਿਲਪ੍ਰੀਤ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਜਾਤੜੀ) ਅਤੇ ਤੀਜਾ ਸਥਾਨ ਪਵਨੀਤ ਸਿੰਘ (ਸ਼ਿਸ਼ੂ ਨਿਕੇਤਨ ਪਬਲਿਕ ਸਕੂਲ, ਸੈਕਟਰ-66, ਮੋਹਾਲੀ) ਨੇ ਪ੍ਰਾਪਤ ਕੀਤਾ।

ਕੁਇਜ਼ ਮੁਕਾਬਲੇ-2026 ਵਿੱਚ ਵਰਗ 'ੳ' (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਜਸਨੂਰ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਐੱਸ.ਏ.ਐੱਸ. ਨਗਰ), ਦੂਜਾ ਸਥਾਨ ਮਨਸੀਰਤ (ਸਰਕਾਰੀ ਹਾਈ ਸਕੂਲ, ਗੜਾਂਗਾਂ) ਅਤੇ ਤੀਜਾ ਸਥਾਨ ਅਗਮਜੋਤ ਸਿੰਘ (ਨੈਸ਼ਨਲ ਪਬਲਿਕ ਸਕੂਲ, ਕੁਰਾਲੀ) ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਰਗ 'ਅ' (ਨੌਵੀਂ ਤੋਂ ਬਾਰ੍ਹਵੀਂ) ਵਿੱਚ ਪਹਿਲਾ ਸਥਾਨ ਸਾਨੀਆ ਗਿੱਲ (ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਘੜੂੰਆਂ), ਦੂਜਾ ਸਥਾਨ ਹਰਲੀਨ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਐੱਸ.ਏ.ਐੱਸ. ਨਗਰ) ਅਤੇ ਤੀਜਾ ਸਥਾਨ ਨਵਜੋਤ ਕੌਰ (ਸਰਕਾਰੀ ਹਾਈ ਸਕੂਲ, ਕਾਰਕੌਰ) ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਰਗ 'ੲ' (ਕਾਲਜ ਪੱਧਰ) ਵਿੱਚ ਪਹਿਲਾ ਸਥਾਨ ਹਰਪ੍ਰੀਤ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ, ਭਾਗੋ ਮਾਜਰਾ), ਦੂਜਾ ਸਥਾਨ ਨਵਨੀਤ ਕੌਰ (ਸਰਕਾਰੀ ਕਾਲਜ, ਫੇਜ਼-6, ਮੋਹਾਲੀ) ਅਤੇ ਤੀਜਾ ਸਥਾਨ ਰਾਜਵਿੰਦਰ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ, ਭਾਗੋ ਮਾਜਰਾ) ਨੇ ਪ੍ਰਾਪਤ ਕੀਤਾ। ਇਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸ੍ਰੀ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਐੱਸ.ਏ.ਐੱਸ. ਨਗਰ; ਸ. ਅੰਗਰੇਜ਼ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਐੱਸ.ਏ.ਐੱਸ. ਨਗਰ ਅਤੇ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਕ੍ਰਮਵਾਰ 1,000, 750 ਅਤੇ 500 ਰੁਪਏ ਦੀ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਵਿਦਿਆਰਥੀਆਂ ਦੇ ਸਨਮਾਨ ਤੋਂ ਬਾਅਦ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਦਫ਼ਤਰ ਦਾ ਸਮੂਹ ਸਟਾਫ਼, ਵੱਖ-ਵੱਖ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ. ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।