ਨਵਾਂਸ਼ਹਿਰ (ਦੇਸ ਰਾਜ ਬਾਲੀ):- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ, ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਲਾਚੌਰ ਅਤੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੱਤੇਵਾਲ, ਬਲਾਕ ਬਲਾਚੌਰ-1, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਨ੍ਹਾਂ ਦਾ ਉਦੇਸ਼ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਦੇਣ ਲਈ ਬਣਾਏ ਗਏ ਪੋਕਸੋ ਐਕਟ, 2012 ਬਾਰੇ ਜਾਗਰੂਕ ਕਰਨਾ ਸੀ।

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਲਾਚੌਰ ਵਿਖੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਬ-ਡਵੀਜ਼ਨ ਜੁਡੀਸ਼ੀਅਲ ਮੈਜਿਸਟਰੇਟ, ਤਹਿਸੀਲ ਬਲਾਚੌਰ ਅਦਾਲਤ, ਨਵਾਂਸ਼ਹਿਰ, ਮੈਡਮ ਲਵਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਜਿਨਸੀ ਅਪਰਾਧਾਂ ਤੋਂ ਬਚਾਅ ਲਈ ਉਪਲਬਧ ਕਾਨੂੰਨੀ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੋਕਸੋ ਐਕਟ, 2012 ਅਧੀਨ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ, ਭਾਵੇਂ ਉਹ ਲੜਕਾ ਹੋਵੇ ਜਾਂ ਲੜਕੀ, ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਦਿੱਤੀ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਕਿਸੇ ਵੀ ਅਪਰਾਧ ਦੀ ਜਾਣਕਾਰੀ ਤੁਰੰਤ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾਣੀ ਚਾਹੀਦੀ ਹੈ।

ਸੈਮੀਨਾਰ ਦੌਰਾਨ ਦੱਸਿਆ ਗਿਆ ਕਿ ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸੇ ਅਭਿਆਨ ਤਹਿਤ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੱਤੇਵਾਲ ਵਿਖੇ ਵੀ ਪੋਕਸੋ ਐਕਟ, 2012 ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਮਨਦੀਪ ਸਿੰਘ ਅਤੇ ਪੈਰਾ ਲੀਗਲ ਵਲੰਟੀਅਰ ਸ੍ਰੀ ਅਵਤਾਰ ਚੰਦ ਚੁੰਬਰ, ਸ੍ਰੀਮਤੀ ਜਸਵਿੰਦਰ ਕੌਰ ਰਾਣੀ ਅਤੇ ਸ੍ਰੀ ਰਵਜੋਤ ਸਿੰਘ ਚੁੰਬਰ ਨੇ ਵਿਦਿਆਰਥੀਆਂ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ਕਾਨੂੰਨ ਬਾਰੇ ਜਾਗਰੂਕ ਕੀਤਾ।

ਇਨ੍ਹਾਂ ਸੈਮੀਨਾਰਾਂ ਦੌਰਾਨ ਨੁੱਕੜ ਨਾਟਕ ਅਤੇ ਡਰਾਇੰਗ ਮੁਕਾਬਲੇ ਕਰਵਾਏ ਗਏ। ਦੋਵਾਂ ਸਕੂਲਾਂ ਦੇ ਅਧਿਆਪਕ ਵੀ ਹਾਜ਼ਰ ਸਨ।