ਨਵਾਂਸ਼ਹਿਰ (ਦੇਸ ਰਾਜ ਬਾਲੀ):- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਅਤੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਟੈਗੋਰ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸਲੋਹ ਵਿਖੇ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਇਸ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਸਿਵਲ ਜੱਜ ਫਸਟ ਕਲਾਸ ਮਿਸ ਸਿਮਰਨ ਚਲਾਨਾ ਨੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਬਣਾਏ ਗਏ ਪੋਕਸੋ ਐਕਟ, 2012 ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਵਾਲਾ ਇਹ ਕਾਨੂੰਨ 18 ਸਾਲ ਤੋਂ ਘੱਟ ਉਮਰ ਦੇ ਹਰ ਬੱਚੇ (ਲੜਕੇ ਅਤੇ ਲੜਕੀ) ਨੂੰ ਜਿਨਸੀ ਸ਼ੋਸ਼ਣ ਵਿਰੁੱਧ ਕਾਨੂੰਨੀ ਸੁਰੱਖਿਆ ਦਿੰਦਾ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਦੇ ਪੈਨਲ ਵਕੀਲ ਜਸਨਦੀਪ ਅਤੇ ਪੈਰਾ ਲੀਗਲ ਵਲੰਟੀਅਰ ਸ੍ਰੀ ਵਾਸਦੇਵ ਪਰਦੇਸੀ ਤੇ ਦੇਸ ਰਾਜ ਬਾਲੀ ਨੇ ਵੀ ‘ਸੁਰੱਖਿਅਤ ਬਚਪਨ ਅਭਿਆਨ’ ਤਹਿਤ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕਤਾ ਪੈਦਾ ਕੀਤੀ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਅਮ੍ਰਿਤ ਲਾਲ ਜੈਨ, ਵੀਨਾ ਜੈਨ, ਪ੍ਰਿੰਸੀਪਲ ਰਜਨੀ ਸ਼ਰਮਾ ਅਤੇ ਹੋਰ ਅਧਿਆਪਕ ਹਾਜ਼ਰ ਸਨ।