ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ:- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸਵੀਪ ਟੀਮ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਉਜਾਗਰ ਕਰਨ ਲਈ ਲਗਾਤਾਰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸੇ ਲੜੀ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਦੀ ਅਗਵਾਈ ਹੇਠ ਅੱਜ ਸੇਂਟ ਸੋਲਜਰ ਸਕੂਲ, ਫੇਜ਼-7, ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਲੇਖ ਰਚਨਾ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵਿਧਾਨ ਸਭਾ ਹਲਕਾ ਖਰੜ, ਐੱਸ.ਏ.ਐੱਸ. ਨਗਰ ਮੁਹਾਲੀ ਅਤੇ ਡੇਰਾਬੱਸੀ ਦੀਆਂ ਜੇਤੂ ਟੀਮਾਂ ਨੇ ਭਾਗ ਲਿਆ। ਵਿਦਿਆਰਥੀਆਂ ਵਿੱਚ ਇਨ੍ਹਾਂ ਮੁਕਾਬਲਿਆਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਪ੍ਰਸ਼ਨੋਤਰੀ ਮੁਕਾਬਲੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸਸੁਹਾਣਾ ਦੀ ਨਵਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਹਾਈ ਸਕੂਲ, ਬਲੌਂਗੀ ਦੀ ਪ੍ਰਿਆ ਅਤੇ ਖੁਸ਼ੀ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਕਰੂਲਪੁਰ ਦੀਆਂ ਵਿਦਿਆਰਥਣਾਂ ਰਵਨੀਤ ਕੌਰ ਅਤੇ ਤਨੀਸ਼ਾ ਨੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਲੇਖ ਰਚਨਾ ਮੁਕਾਬਲੇ ਵਿੱਚ 'ਸ਼ੁੱਧ ਮੱਤਦਾਤਾ ਸੂਚੀ ਦੀ ਮਹੱਤਤਾ ਅਤੇ ਵੋਟ ਦੀ ਮਹੱਤਤਾ' ਵਿਸ਼ਿਆਂ ਉੱਤੇ ਵਿਦਿਆਰਥੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਵਿੰਦਗੜ੍ਹ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਸਰਕਾਰੀ ਹਾਈ ਸਕੂਲ, ਕੰਡਾਲਾ ਦੀ ਬਲਜਿੰਦਰ ਕੌਰ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੁਹਾਣਾ ਦੀ ਹਰਸ਼ਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਨੇ ਨੌਜਵਾਨਾਂ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਮਜ਼ਬੂਤ ਕਰਨ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੌਜਵਾਨਾਂ ਦੀ ਉਮਰ 18 ਸਾਲ ਪੂਰੀ ਹੋ ਚੁੱਕੀ ਹੈ, ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਆਪਣੇ ਪਰਿਵਾਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਵੋਟਿੰਗ ਦੇ ਟੀਚੇ ਦੀ ਪ੍ਰਾਪਤੀ ਲਈ ਹਰੇਕ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ 50 ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਉਨ੍ਹਾਂ ਇਹ ਵੀ ਦੱਸਿਆ ਕਿ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀਆਂ ਵਿੱਚ ਲੋੜੀਂਦੀ ਸੋਧ ਲਈ 22 ਨਵੰਬਰ ਅਤੇ 6 ਦਸੰਬਰ ਨੂੰ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਯੋਗ ਪਰਿਵਾਰਕ ਮੈਂਬਰਾਂ ਤੇ ਜਾਣਕਾਰਾਂ ਨੂੰ ਵੀ ਇਨ੍ਹਾਂ ਕੈਂਪਾਂ ਵਿੱਚ ਪਹੁੰਚਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਗੁਰਪ੍ਰੀਤ ਸਿੰਘ ਨਾਮਧਾਰੀ, ਮੈਡਮ ਵਰਿੰਦਰ ਕੌਰ, ਨੀਤੂ ਗੁਪਤਾ, ਮੈਡਮ ਗੁਰਮੀਤ ਕੌਰ, ਮਿਤੇਸ਼ ਜੌਹਰ, ਪ੍ਰਿੰਸੀਪਲ ਸਤੀਸ਼ ਕੁਮਾਰ, ਵਿਕਾਸ ਵੈਕਟਰ ਅਤੇ ਚਰਨਜੀਤ ਕੌਰ ਨੇ ਮੁਕਾਬਲਿਆਂ ਦੇ ਸਫ਼ਲ ਆਯੋਜਨ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। ਮੁਕਾਬਲਿਆਂ ਦੀ ਜੱਜਮੈਂਟ ਲਈ ਡਾ. ਮਨਦੀਪ ਕੌਰ, ਸੀਜੀਸੀ ਲਾਂਡਰਾਂ, ਡਾ. ਲਖਵਿੰਦਰ ਕੌਰ, ਖਾਲਸਾ ਕਾਲਜ ਮੁਹਾਲੀ ਅਤੇ ਪ੍ਰਿੰਸੀਪਲ ਆਤਮਬੀਰ ਸਿੰਘ ਨੇ ਆਪਣੀਆਂ ਸੇਵਾਵਾਂ ਨਿਭਾਈਆਂ।
ਇਸ ਮੌਕੇ ਵਿਦਿਆਰਥਣਾਂ ਵੱਲੋਂ ਵਿਸ਼ੇਸ਼ ਤੌਰ ’ਤੇ ਉਤਸ਼ਾਹ ਦਿਖਾਇਆ ਗਿਆ ਅਤੇ ਉਨ੍ਹਾਂ ਨੇ ਆਪਣੇ ਸੰਦੇਸ਼ ਰਾਹੀਂ ਲੋਕਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਭਾਗੀਦਾਰੀ ਕਰਨ, ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਦਾ ਸੱਦਾ ਦਿੱਤਾ।
