ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਅਕਤੂਬਰ 2026:- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਕਿਸਾਨਾਂ ਨੂੰ ਹਾੜ੍ਹੀ 2026 ਦੀਆਂ ਫ਼ਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ 13 ਅਕਤੂਬਰ 2026 ਨੂੰ ਕਿਸਾਨ ਵਿਕਾਸ ਚੈਂਬਰ, ਐਰੋਸਿਟੀ, ਬਲਾਕ-ਸੀ, ਏਅਰਪੋਰਟ ਚੌਕ, ਮੋਹਾਲੀ ਵਿਖੇ ਸਵੇਰੇ 9:00 ਵਜੇ ਸ਼ੁਰੂ ਹੋਵੇਗਾ।

ਮੁੱਖ ਖੇਤੀਬਾੜੀ ਅਫ਼ਸਰ ਰਾਕੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਲਗਭਗ 1,200 ਕਿਸਾਨ ਅਤੇ ਕਿਸਾਨ ਬੀਬੀਆਂ ਇਸ ਸਿਖਲਾਈ ਸਮਾਗਮ ਵਿੱਚ ਹਿੱਸਾ ਲੈਣਗੇ। ਖੇਤੀਬਾੜੀ ਵਿਭਾਗ ਦੇ ਮਾਹਿਰ ਅਧਿਕਾਰੀ ਹਾੜ੍ਹੀ ਦੀਆਂ ਫ਼ਸਲਾਂ, ਨਵੀਆਂ ਤਕਨੀਕਾਂ, ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇਣਗੇ।

ਉਨ੍ਹਾਂ ਦੱਸਿਆ ਕਿ ਕੈਂਪ ਦਾ ਉਦਘਾਟਨ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ। ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਕਰਨਗੇ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਮੋਹਾਲੀ ਦੇ ਵਿਧਾਇਕ ਸ੍ਰੀ ਕੁਲਵੰਤ ਸਿੰਘ ਅਤੇ ਹਲਕਾ ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ।

ਖੇਤੀਬਾੜੀ ਵਿਭਾਗ ਵੱਲੋਂ ਸਾਰੇ ਕਿਸਾਨ ਭਰਾਵਾਂ ਅਤੇ ਬੀਬੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਕੈਂਪ ਦਾ ਲਾਭ ਲੈਣ।