ਹੁਸ਼ਿਆਰਪੁਰ/ਦਲਜੀਤ ਅਜਨੋਹਾ :- ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਫਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਲੁਧਿਆਣਾ ਵਿਖੇ ਹੋਈ ਮੀਟਿੰਗ ਦੌਰਾਨ ਸੂਬਾ ਸਰਕਾਰ ਵਿਰੁੱਧ ਸਾਂਝੇ ਤੌਰ 'ਤੇ ਸੰਘਰਸ਼ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ। ਇਸ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਵਿਖੇ ਇੱਕ ਸੰਕੇਤਕ ਰੈਲੀ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ ਪੰਜਾਬ ਦੀ ਮੁਲਾਜ਼ਮ ਅਤੇ ਪੈਨਸ਼ਨਰ ਲਹਿਰ ਲਈ ਇਹ ਬਹੁਤ ਹੀ ਸ਼ੁਭ ਸੰਕੇਤ ਹੈ ਕਿ ਸਮੁੱਚਾ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਇੱਕ ਬੈਨਰ ਹੇਠ ਇਕੱਠਾ ਹੋ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਤਿਆਰ ਹੋਇਆ ਹੈ।
ਰੈਲੀ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਅਨਿਰੁੱਧ ਮੋਦਗਿੱਲ, ਨਰਿੰਦਰ ਸਿੰਘ ਗੋਲੀ, ਮਨਜੀਤ ਸਿੰਘ ਸੈਣੀ, ਕੁਲਵੰਤ ਸਿੰਘ ਸੈਣੀ, ਇੰਦਰਜੀਤ ਵਿਰਦੀ, ਬਲਵੀਰ ਸਿੰਘ ਸੈਣੀ, ਜਸਵੀਰ ਸਿੰਘ ਭਾਮ, ਓਂਕਾਰ ਸਿੰਘ, ਮੁਕੇਸ਼ ਗੁਜਰਾਤੀ, ਦੀਪਕ ਤ੍ਰੇਹਨ, ਆਸ਼ਾ ਰਾਣੀ, ਹਰਭਜਨ ਸਿੰਘ, ਪ੍ਰਵੇਸ਼ ਕੁਮਾਰ, ਤਰਲੋਚਨ ਸਿੰਘ, ਸੋਮ ਨਾਥ ਆਦੀਆ, ਬਹਾਦਰ ਸਿੰਘ, ਜੈਲ ਸਿੰਘ, ਹਰਭਜਨ ਸਿੰਘ ਅਜਨੋਹਾ, ਵਿਕਾਸ ਸ਼ਰਮਾ, ਪਵਨ ਕੁਮਾਰ, ਨਰਿੰਦਰ ਅਜਨੋਹਾ, ਵਰਿਆਮ ਸਿੰਘ, ਹਰਭਜਨ ਸਿੰਘ ਗਿੱਲ ਅਤੇ ਮਨਜੀਤ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਕਾਰਜਕਾਲ ਦੌਰਾਨ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ 'ਤੇ ਦਮਨਕਾਰੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ, ਉਨ੍ਹਾਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਝੂਠੇ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਭੇਜਿਆ ਜਾ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਇਹ ਸੰਘਰਸ਼ 18 ਫੀਸਦੀ ਮਹਿੰਗਾਈ ਭੱਤਾ ਜਾਰੀ ਕਰਵਾਉਣ, ਪੈਨਸ਼ਨਰਾਂ ਲਈ 2.59 ਗੁਣਾਂਕ ਲਾਗੂ ਕਰਵਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਮਾਣ ਭੱਤਾ ਅਤੇ ਇਨਸੈਂਟਿਵ ਮੁਲਾਜ਼ਮਾਂ ਲਈ ਘੱਟੋ-ਘੱਟ ਤਨਖਾਹ ਸਕੇਲ ਲਾਗੂ ਕਰਨ, ਪ੍ਰੋਬੇਸ਼ਨ ਪੀਰੀਅਡ ਇੱਕ ਸਾਲ ਅਤੇ ਪੂਰੀ ਤਨਖਾਹ ਸਮੇਤ ਕਰਨ, ਕੇਂਦਰੀ ਤਨਖਾਹ ਸਕੇਲ ਰੱਦ ਕਰਕੇ ਪੰਜਾਬ ਤਨਖਾਹ ਸਕੇਲ ਲਾਗੂ ਕਰਨ, ਬੰਦ ਕੀਤੇ ਭੱਤੇ ਮੁੜ ਬਹਾਲ ਕਰਨ ਅਤੇ 200 ਰੁਪਏ ਜਜ਼ੀਆ ਟੈਕਸ ਖਤਮ ਕਰਨ ਲਈ ਕੀਤਾ ਜਾ ਰਿਹਾ ਹੈ।
ਰੈਲੀ ਦੌਰਾਨ ਐਲਾਨ ਕੀਤਾ ਗਿਆ ਕਿ 11 ਜੁਲਾਈ ਨੂੰ ਸੈਣੀ ਭਵਨ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਵਾਈ ਜਾਵੇਗੀ, ਜਿਸ ਤੋਂ ਬਾਅਦ ਵਿਧਾਇਕ ਜਿੰਪਾ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਇਹ ਵੀ ਐਲਾਨ ਕੀਤਾ ਗਿਆ ਕਿ ਸਾਂਝੇ ਫਰੰਟ ਅਤੇ ਸਾਂਝੇ ਮੰਚ ਵੱਲੋਂ 17 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਾਰੀਆਂ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ।