ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਕੀਤੇ ਹੁਕਮਾਂ ਤਹਿਤ ਕਿਸੇ ਵੀ ਵਿਅਕਤੀ, ਸਮਾਜਿਕ ਜਾਂ ਧਾਰਮਿਕ ਜਥੇਬੰਦੀ ਵੱਲੋਂ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਜਾਂ ਹੋਰ ਸਮਾਗਮਾਂ ਵਿੱਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਅਜਿਹੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹੇ ਵਿੱਚ ਗਰਮੀਆਂ ਦੌਰਾਨ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਦੌਰਾਨ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਵੀ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਦੇ ਨਾਲ ਹੀ ਗਊ ਵੰਸ਼ ਰੱਖਣ ਵਾਲੇ ਲੋਕਾਂ ਨੂੰ ਆਪਣੇ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਪੰਚਾਇਤ, ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਛੱਪੜ ਨੂੰ ਨਹੀਂ ਭਰ ਸਕੇਗੀ।
ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ ਅਤੇ ਰਸਤਿਆਂ ਵਿੱਚ ਨਾਜਾਇਜ਼ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਜਨਵਰੀ, 2027 ਤੱਕ ਲਾਗੂ ਰਹਿਣਗੇ।
