ਮੂਨਕ/ਸੰਗਰੂਰ, 4 ਅਕਤੂਬਰ:- ਡਾ. ਰਵਜੋਤ ਗਰੇਵਾਲ, ਆਈ.ਪੀ.ਐੱਸ., ਐੱਸ.ਐੱਸ.ਪੀ. ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਅਤੇ "ਪਿੰਡਾਂ ਦੇ ਪਹਿਰੇਦਾਰ" ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ ਮਿਤੀ 28 ਸਤੰਬਰ 2026 ਤੋਂ 04 ਅਕਤੂਬਰ 2026 ਤੱਕ ਵਿਸ਼ੇਸ਼ ਕਾਰਵਾਈ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਤਹਿਤ 03 ਮੁਕੱਦਮੇ ਦਰਜ ਕਰਕੇ 03 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 20 ਨਸ਼ੀਲੀਆਂ ਗੋਲੀਆਂ, 8 ਕਿੱਲੋ ਭੁੱਕੀ ਚੂਰਾ ਪੋਸਤ ਅਤੇ 10 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਾਰਾ 27 ਐੱਨ.ਡੀ.ਪੀ.ਐੱਸ. ਤਹਿਤ 02 ਮੁਕੱਦਮੇ ਦਰਜ ਕਰਕੇ 02 ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸੁਰੱਖਿਆ ਅਤੇ ਟਰੈਫ਼ਿਕ ਵਿਵਸਥਾ ਨੂੰ ਮੁੱਖ ਰੱਖਦੇ ਹੋਏ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ 72 ਚਲਾਨ ਕੀਤੇ ਗਏ ਹਨ। ਇਲਾਕੇ ਵਿੱਚ ਅਮਨ-ਕਾਨੂੰਨ ਬਣਾਏ ਰੱਖਣ ਲਈ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਦੇ ਹੋਏ 52 ਵਿਅਕਤੀਆਂ ਵਿਰੁੱਧ 172 ਬੀ.ਐੱਨ.ਐੱਸ.ਐੱਸ. ਅਧੀਨ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਨੇ ਆਮ ਜਨਤਾ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪਿੰਡਾਂ ਦੀਆਂ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ੇ ਦਾ ਧੰਦਾ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅੰਸਰਾਂ ਖ਼ਿਲਾਫ਼ ਪੁਲਿਸ ਦੀ ਜੰਗ ਨਿਰੰਤਰ ਜਾਰੀ ਰਹੇਗੀ।