ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਨਵੰਬਰ:- ਸ੍ਰੀਮਤੀ ਕੋਮਲ ਮਿਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੇ ਪ੍ਰਧਾਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਇਸ ਮਨੋਰਥ ਤਹਿਤ ਦੀਵਾਲੀ ਦੇ ਸ਼ੁਭ ਮੌਕੇ 'ਤੇ ਇੱਕ ਗਰੀਬ ਅਤੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਡਾ. ਅੰਕਿਤਾ ਕਾਂਸਲ, ਪੀ.ਸੀ.ਐਸ., ਸਹਾਇਕ ਕਮਿਸ਼ਨਰ (ਜਨਰਲ) ਨੇ ਦੱਸਿਆ ਕਿ ਰੈੱਡ ਕਰਾਸ ਮੁਸੀਬਤ ਸਮੇਂ ਮਨੁੱਖਤਾ ਦੀ ਸੇਵਾ ਕਰਨ ਲਈ ਹਮੇਸ਼ਾ ਤਤਪਰ ਰਹਿੰਦੀ ਹੈ।

ਸ. ਹਰਬੰਸ ਸਿੰਘ, ਸਕੱਤਰ ਰੈੱਡ ਕਰਾਸ ਨੇ ਦੱਸਿਆ ਕਿ ਰੈੱਡ ਕਰਾਸ ਦੇ ਮੁੱਖ ਉਦੇਸ਼ਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਅਤੇ ਮਨੁੱਖੀ ਦੁੱਖਾਂ ਨੂੰ ਘਟਾਉਣਾ ਸ਼ਾਮਲ ਹੈ। ਜ਼ਿਲ੍ਹਾ ਹਸਪਤਾਲ ਮੋਹਾਲੀ, ਖਰੜ ਅਤੇ ਕੁਰਾਲੀ ਵਿਖੇ ਜਨ ਔਸ਼ਧੀ ਸਟੋਰਾਂ ਰਾਹੀਂ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਸਸਤੀਆਂ ਦਰਾਂ 'ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਰੈੱਡ ਕਰਾਸ ਵੱਲੋਂ ਅਪੰਗ ਅਤੇ ਅੰਗਹੀਣ ਵਿਅਕਤੀਆਂ ਦੀ ਭਲਾਈ ਲਈ ਨਕਲੀ ਅੰਗ ਲਗਵਾ ਕੇ ਉਨ੍ਹਾਂ ਨੂੰ ਬਿਹਤਰ ਜੀਵਨ ਜਿਊਣ ਦੇ ਯੋਗ ਬਣਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਵਿੰਗਜ਼ ਪ੍ਰੋਜੈਕਟ ਅਧੀਨ ਸਰਕਾਰੀ ਕਾਲਜ ਖੂਨੀ ਮਾਜਰਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਕੰਟੀਨ ਚਲਾਈ ਜਾ ਰਹੀ ਹੈ। ਇਸ ਉਪਰਾਲੇ ਰਾਹੀਂ ਇੱਕ ਔਰਤ ਅਤੇ ਦੋ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਰੋਜ਼ਗਾਰ ਮਿਲਿਆ ਹੈ, ਤਾਂ ਜੋ ਉਹ ਆਤਮ-ਨਿਰਭਰ ਬਣ ਸਕਣ। ਇਸ ਤੋਂ ਇਲਾਵਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੀ ਕੰਪਿਊਟਰ ਸੈਂਟਰ ਚਲਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਕੋਰਸ ਬਹੁਤ ਹੀ ਵਾਜਬ ਅਤੇ ਘੱਟ ਦਰਾਂ 'ਤੇ ਕਰਵਾਏ ਜਾਂਦੇ ਹਨ।