ਸੰਗਰੂਰ, 7 ਸਤੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ, ਬਲਾਕ ਕੋਆਰਡੀਨੇਟਰਾਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਹੋਈ।
ਮੀਟਿੰਗ ਦੌਰਾਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦ੍ਰਿੜ੍ਹ ਇਰਾਦੇ ਨਾਲ ਸ਼ੁਰੂ ਕੀਤੀ ਇਸ ਮੁਹਿੰਮ ਦੇ ਹੌਸਲਾ ਵਧਾਉਣ ਵਾਲੇ ਨਤੀਜੇ ਸਾਹਮਣੇ ਆ ਰਹੇ ਹਨ। ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਨਿਕਲ ਕੇ ਸਿਹਤਮੰਦ ਜੀਵਨ ਅਪਣਾਉਣ ਲਈ ਲੋਕ ਅੱਗੇ ਆ ਰਹੇ ਹਨ, ਜਦਕਿ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨੇ ਨਸ਼ਿਆਂ ਦੇ ਕਾਰੋਬਾਰ ’ਤੇ ਕਰਾਰੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਨਸ਼ਾ ਛੱਡਣ ਵਾਲਿਆਂ ਲਈ ਵਰਦਾਨ ਅਤੇ ਤਸਕਰਾਂ ਲਈ ਆਫ਼ਤ ਬਣੀ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਿੱਤ ਸਿਰਫ਼ ਤਸਕਰਾਂ ਨੂੰ ਫੜਨ ਨਾਲ ਨਹੀਂ, ਸਗੋਂ ਨਸ਼ੇ ਦੀ ਮੰਗ ਘਟਾਉਣ ਅਤੇ ਨਸ਼ਾ ਪੀੜਤਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਨਾਲ ਸੰਭਵ ਹੋਵੇਗੀ। ਉਨ੍ਹਾਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਨੂੰ ਪੰਚਾਇਤਾਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਅਤੇ ਨੌਜਵਾਨਾਂ ਨਾਲ ਸਿੱਧਾ ਸੰਵਾਦ ਵਧਾ ਕੇ ਇਸ ਮੁਹਿੰਮ ਨੂੰ ਹਰ ਘਰ ਦੀ ਸਾਂਝੀ ਆਵਾਜ਼ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਨਸ਼ਿਆਂ ਸਬੰਧੀ ਸ਼ਿਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ, ਲੋੜੀਂਦੀਆਂ ਥਾਵਾਂ ’ਤੇ ਨਿਗਰਾਨੀ ਕੈਮਰੇ ਲਗਾਉਣ ਅਤੇ ਨਸ਼ਾ ਮੁਕਤੀ ਕੇਂਦਰਾਂ ਦਾ ਬੁਨਿਆਦੀ ਢਾਂਚਾ ਹੋਰ ਮਜ਼ਬੂਤ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਨਾਲ ਨਸ਼ੇ ਦੀ ਮੰਗ ਘਟਾਉਣਾ ਵੀ ਬਰਾਬਰ ਅਹਿਮ ਹੈ। ਮਾਪਿਆਂ ਤੇ ਬੱਚਿਆਂ ਵਿਚਕਾਰ ਸੰਵਾਦ, ਪਰਿਵਾਰਕ ਸਾਂਝ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਸਮਾਜਿਕ ਕਵਚ ਬਣ ਸਕਦਾ ਹੈ। ਉਨ੍ਹਾਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਅਤੇ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਡਾ. ਰਵਜੋਤ ਕੌਰ ਗਰੇਵਾਲ, ਸਿਵਲ ਸਰਜਨ ਡਾ. ਅਮਰਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਮੇਟੀਆਂ ਦੇ ਨੁਮਾਇੰਦੇ ਹਾਜ਼ਰ ਸਨ।
ਵਿੱਤ ਮੰਤਰੀ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ
