ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2026:- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਖੇੜਾ ਗੱਜੂ, ਗੁਰਦਿੱਤਪੁਰਾ ਅਤੇ ਉੱਚਾ ਖੇੜਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਉਪਦੇਸ਼ਾਂ 'ਤੇ ਆਧਾਰਿਤ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਨੂੰ ਬਹੁਤ ਧਿਆਨ ਨਾਲ ਦੇਖਿਆ ਅਤੇ ਗੁਰੂ ਸਾਹਿਬ ਦੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅਪਣਾਉਣ ਦਾ ਅਹਿਦ ਕੀਤਾ।
ਡਿਪਟੀ ਕਮਿਸ਼ਨਰ, ਸ੍ਰੀਮਤੀ ਕੋਮਲ ਮਿੱਤਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤਾ ਜਾ ਰਿਹਾ ਇਹ ਯਤਨ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਮਾਜ ਵਿੱਚ ਸਮਾਨਤਾ, ਭਾਈਚਾਰੇ, ਮਿਹਨਤ ਅਤੇ ਸੱਚਾਈ ਨਾਲ ਜੀਵਨ ਜਿਊਣ ਦੀ ਪ੍ਰੇਰਣਾ ਦਿੰਦਾ ਹੈ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਕੇ ਸਮਾਜ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਸੰਘਰਸ਼ ਅਤੇ ਸਿੱਖਿਆਵਾਂ ਨਾਲ ਜੋੜਨ ਵਿੱਚ ਮਦਦ ਮਿਲੇਗੀ, ਜਿਸ ਨਾਲ ਸਮਾਜ ਵਿੱਚ ਆਪਸੀ ਸਾਂਝ, ਸਦਭਾਵਨਾ ਅਤੇ ਸਮਾਜਿਕ ਬਰਾਬਰੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ। ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਸਮਾਜ ਨੂੰ ਸਕਾਰਾਤਮਕ ਦਿਸ਼ਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇਂ ਹਨ।
ਪਿੰਡ ਖੇੜਾ ਗੱਜੂ ਗੁਰਦਿੱਤਪੁਰਾ ਅਤੇ ਉੱਚਾ ਖੇੜਾ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਆਧਾਰਿਤ ਡਾਕੂਮੈਂਟਰੀ ਦਿਖਾਈ
