ਦਿੜ੍ਹਬਾ, 29 ਜੁਲਾਈ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਦਿੜ੍ਹਬਾ ਬਲਾਕ ਦੇ ਪਿੰਡ ਢੰਡਿਆਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਹਾਜ਼ਰ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ ਅਤੇ ਗੁਰੂਆਂ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਪਿੰਡ ਦੀ ਪੰਚਾਇਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੂਬਾ ਪੱਧਰ 'ਤੇ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਸਮਾਜ ਵਿੱਚ ਸਮਾਨਤਾ, ਸਦਭਾਵਨਾ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ।
ਇਸ ਮੌਕੇ ਪਿੰਡ ਦੀ ਪੰਚਾਇਤ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।