ਡੇਰਾਬੱਸੀ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ 14 ਸਤੰਬਰ, 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਉਪਰਾਲੇ ਤਹਿਤ ਡੇਰਾਬੱਸੀ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਕਰੀਬ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਰਾਣੀਮਾਜਰਾ, ਜੋਲਾ ਖੁਰਦ ਅਤੇ ਬਸੋਲੀ ਵਿਖੇ ਵੀ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਮਹਾਨ ਸੰਦੇਸ਼ ਨਾਲ ਸਬੰਧਤ ਦਸਤਾਵੇਜ਼ੀ ਫਿਲਮ ਲੋਕਾਂ ਨੂੰ ਦਿਖਾਈ ਗਈ।
ਡੇਰਾਬੱਸੀ ਦੇ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਵਿਸ਼ੇਸ਼ ਡਾਕੂਮੈਂਟਰੀ ਪਿੰਡ-ਪਿੰਡ ਪਹੁੰਚਾ ਕੇ ਨੌਜਵਾਨ ਪੀੜ੍ਹੀ ਅਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਮਹਾਨ ਜੀਵਨ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਮਾਨਵਤਾ ਅਤੇ ਆਪਸੀ ਸਾਂਝ ਦਾ ਸੰਦੇਸ਼ ਦਿੱਤਾ, ਜੋ ਅੱਜ ਦੇ ਸਮੇਂ ਵਿੱਚ ਵੀ ਬੇਹੱਦ ਸਾਰਥਕ ਹੈ।
ਵਿਧਾਇਕ ਸ੍ਰੀ ਰੰਧਾਵਾ ਨੇ ਕਿਹਾ ਕਿ ਐਲ.ਈ.ਡੀ. ਸਕਰੀਨਾਂ ਰਾਹੀਂ ਪਿੰਡਾਂ ਵਿੱਚ ਦਿਖਾਈ ਜਾ ਰਹੀ ਇਹ ਡਾਕੂਮੈਂਟਰੀ ਲੋਕਾਂ ਲਈ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਣ ਦਾ ਇੱਕ ਵਧੀਆ ਮਾਧਿਅਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਾਨ ਗੁਰੂ ਸਾਹਿਬਾਨ ਅਤੇ ਸੰਤਾਂ-ਮਹਾਂਪੁਰਖਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ।
ਇਸ ਦੌਰਾਨ ਪਿੰਡਾਂ ਦੇ ਵਸਨੀਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਵੱਡੀ ਐਲ.ਈ.ਡੀ. ਸਕਰੀਨ ਰਾਹੀਂ ਦਿਖਾਈ ਜਾ ਰਹੀ ਡਾਕੂਮੈਂਟਰੀ ਰਾਹੀਂ ਬੱਚਿਆਂ ਅਤੇ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲ ਰਿਹਾ ਹੈ।