ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 25 ਸਤੰਬਰ 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ 30 ਮਿੰਟ ਦੀ ਡਾਕੂਮੈਂਟਰੀ ਫਿਲਮ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਖਰੜ ਬਲਾਕ ਦੇ ਪਿੰਡ ਚਡਿਆਲਾ ਸੂਦਾਂ, ਮੱਛਲੀ ਕਲਾਂ ਅਤੇ ਮੱਛਲੀ ਖੁਰਦ ਵਿਖੇ ਐਲ.ਈ.ਡੀ. ਸਕਰੀਨ ਰਾਹੀਂ ਇਹ ਦਸਤਾਵੇਜ਼ੀ ਫਿਲਮ ਦਿਖਾਈ ਗਈ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਨੇ ਸਮਾਜ ਵਿੱਚ ਬਰਾਬਰੀ, ਭਾਈਚਾਰੇ, ਸਾਂਝੀਵਾਲਤਾ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ।

ਉਨ੍ਹਾਂ ਕਿਹਾ ਕਿ ਡਾਕੂਮੈਂਟਰੀ ਦਾ ਉਦੇਸ਼ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੀ ਵਿਚਾਰਧਾਰਾ ਅਤੇ ਉਨ੍ਹਾਂ ਵੱਲੋਂ ਦਰਸਾਏ ਮਨੁੱਖਤਾ ਦੇ ਮਾਰਗ ਨਾਲ ਜੋੜਨਾ ਹੈ। ਡਾਕੂਮੈਂਟਰੀ ਵਿੱਚ ਉਨ੍ਹਾਂ ਦੇ ਜੀਵਨ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਨੂੰ ਦ੍ਰਿਸ਼ਾਂ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਐਲ.ਈ.ਡੀ. ਸਕਰੀਨ ’ਤੇ ਡਾਕੂਮੈਂਟਰੀ ਦੇਖੀ। ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਦਸਤਾਵੇਜ਼ੀ ਫਿਲਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ, ਬਰਾਬਰੀ ਤੇ ਸਦਭਾਵਨਾ ਦੇ ਸੰਦੇਸ਼ ਨਾਲ ਜੋੜਨ ਵਿੱਚ ਮਦਦ ਮਿਲਦੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।