ਦਿੜਬਾ/ਕੌਹਰੀਆਂ, 21 ਜੁਲਾਈ:- ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਕੌਹਰੀਆਂ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ 'ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਗਈ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਡਾਕੂਮੈਂਟਰੀ ਨੂੰ ਦੇਖਿਆ ਅਤੇ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੋਂ ਪ੍ਰੇਰਣਾ ਪ੍ਰਾਪਤ ਕੀਤੀ।
ਇਸ ਮੌਕੇ ਪਿੰਡ ਕੌਹਰੀਆਂ ਦੇ ਸਰਪੰਚ ਮਾਲਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਬਰਾਬਰੀ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਅਤੇ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।
ਪਿੰਡ ਵਾਸੀਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਡਾਕੂਮੈਂਟਰੀ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਸਰਬ ਸਾਂਝੇ ਸੰਦੇਸ਼ ਨੂੰ ਸਮਝਣ ਦਾ ਸੁਨਹਿਰੀ ਮੌਕਾ ਮਿਲਿਆ।