ਗੜ੍ਹਸ਼ੰਕਰ/ਹੁਸ਼ਿਆਰਪੁਰ:- ਹਲਕਾ ਗੜ੍ਹਸ਼ੰਕਰ ਦੇ ਪਿੰਡ ਪਦਰਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਦਰਜਨਾਂ ਪਰਿਵਾਰਾਂ ਨੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿੱਚ ਸ਼ਾਮਲ ਹੋਏ ਨਵੇਂ ਸਾਥੀਆਂ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿਤੈਸ਼ੀ ਫ਼ੈਸਲੇ, ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ, ਸਿੱਖਿਆ, ਸਿਹਤ ਅਤੇ ਪਿੰਡਾਂ ਦੇ ਵਿਕਾਸ ਲਈ ਚਲਾਏ ਜਾ ਰਹੇ ਪ੍ਰੋਜੈਕਟਾਂ ਕਾਰਨ ਲੋਕਾਂ ਦਾ ਵਿਸ਼ਵਾਸ ਲਗਾਤਾਰ ਆਮ ਆਦਮੀ ਪਾਰਟੀ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡ ਪਦਰਾਣਾ ਦੇ ਪਰਿਵਾਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਇਮਾਨਦਾਰ ਤੇ ਵਿਕਾਸ-ਕੇਂਦਰਿਤ ਰਾਜਨੀਤੀ ਨੂੰ ਆਪਣਾ ਸਮਰਥਨ ਦੇ ਰਹੇ ਹਨ।
ਰੌੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰ ਵਰਗ ਦੇ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਪਿੰਡ ਪਦਰਾਣਾ ਸਮੇਤ ਸਮੁੱਚੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਜਨ-ਹਿਤੈਸ਼ੀ ਨੀਤੀਆਂ, ਪਾਰਦਰਸ਼ੀ ਕਾਰਜਸ਼ੈਲੀ ਅਤੇ ਹਲਕਾ ਗੜ੍ਹਸ਼ੰਕਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਇਸ ਮੋਕੇ ਸਰਪੰਚ ਜਰਨੈਲ ਸਿੰਘ, ਪੰਚ ਮਹਿੰਗਾ ਰਾਮ, ਪੰਚ ਜਸਪਾਲ ਸਿੰਘ, ਪੰਚ ਕੁਲਵਿੰਦਰ ਸਿੰਘ, ਪੰਚ ਸਰੋਜ ਰਾਣੀ, ਪੰਚ ਸੁਭਾਸ, ਪੰਚ ਹਰਬੰਸ ਲਾਲ, ਸਾਬਕਾ ਪੰਚ ਨਿਸ਼ ਰਾਣੀ, ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਸੋਸਾਇਟੀ ਸਮੂਹ ਮੈਬਰ, ਰਜਨੀ ਦੇਵੀ, ਬਿਮਲਾ ਦੇਵੀ, ਸੁਮਨ ਠਾਕੁਰ,ਸੰਦੀਪ ਰਾਣਾ, ਵਿਸ਼ਾਲ ਰਾਣਾ, ਅਮਨਦੀਪ ਸਿੰਘ,ਰਜੀਵ ਕੁਮਾਰ, ਲਖਵੀਰ ਸਿੰਘ, ਰਜਤ ਸ਼ਰਮਾ, ਸੁਮਨ ਰਾਣੀ, ਸਨੀ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਨੌਜਵਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ |
