ਚੰਡੀਗੜ੍ਹ, 27 ਅਗਸਤ:- ਹਰਿਆਣਾ ਦੇ ਸੈਰ-ਸਪਾਟਾ ਮੰਤਰੀ ਡਾ. ਅਰਵਿੰਦ ਸ਼ਰਮਾ ਨੇ ਚੰਡੀਗੜ੍ਹ ਵਿੱਚ ਅੱਜ ਸੈਰ-ਸਪਾਟਾ ਵਿਭਾਗ ਵਿੱਚ ਡੀ-ਗਰੁੱਪ ਦੇ 380 ਅਸਾਮੀਆਂ 'ਤੇ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸਫ਼ਲ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੈਰ-ਸਪਾਟਾ ਮੰਤਰੀ ਨੇ ਪ੍ਰਦੇਸ਼ ਵਾਸੀਆਂ ਨੂੰ ਰੱਖੜੀ ਅਤੇ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰਾਂ ਦੀਆਂ ਵੀ ਸ਼ੁਭਕਾਮਨਾਵਾਂ ਦਿੱਤੀਆਂ।
ਸੈਰ-ਸਪਾਟਾ ਮੰਤਰੀ ਨੇ ਦੱਸਿਆ ਕਿ ਸੈਰ-ਸਪਾਟਾ ਵਿਭਾਗ ਵਿੱਚ ਡੀ-ਗਰੁੱਪ ਦੇ ਕੁੱਲ 397 ਅਸਾਮੀਆਂ 'ਤੇ ਭਰਤੀ ਕੱਢੀ ਗਈ ਸੀ, ਜਿਨ੍ਹਾਂ ਵਿੱਚੋਂ ਲਗਭਗ 380 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਦਾਂ ਵਿੱਚ ਸੇਵਾਦਾਰ, ਕਿਚਨ ਹੈਲਪਰ ਅਤੇ ਮਾਲੀ ਦੇ ਪਦ ਸ਼ਾਮਲ ਹਨ। ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੇ ਘਰ ਦੇ ਆਸ-ਪਾਸ ਹੀ ਤਾਇਨਾਤੀ ਦੇਣ ਦਾ ਯਤਨ ਕੀਤਾ ਗਿਆ ਹੈ। ਇਸੇ ਤਰ੍ਹਾਂ ਹੋਰ ਨਵ-ਨਿਯੁਕਤ ਕਰਮਚਾਰੀਆਂ ਨੂੰ ਵੀ ਯੋਗ ਹੱਦ ਤੱਕ ਉਨ੍ਹਾਂ ਦੇ ਘਰ ਦੇ ਨਜ਼ਦੀਕ ਸਟੇਸ਼ਨ ਦਿੱਤੇ ਗਏ ਹਨ।
ਡਾ. ਅਰਵਿੰਦ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿਚ ਹਰਿਆਣਾ ਸਰਕਾਰ ਪਾਰਦਰਸ਼ੀ ਅਤੇ ਮੈਰਿਟ ਆਧਾਰਿਤ ਭਰਤੀ ਨੀਤੀ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ਕਰਵਾ ਰਹੀ ਹੈ। ਸਰਕਾਰ ਦੀ ਨੀਤੀ ਤਹਿਤ ਬਿਨਾਂ ਖ਼ਰਚੀ-ਬਿਨਾਂ ਪਰਚੀ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਯੋਗ ਨੌਜਵਾਨਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਨਿਯੁਕਤੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਵਿੱਚ ਲੋੜੀਂਦੇ ਮਨੁੱਖੀ ਵਸੀਲਿਆਂ ਦੀ ਉਪਲਬਧਤਾ ਯਕੀਨੀ ਬਣਾਉਣਾ ਵੀ ਹੈ।
ਇਸ ਮੌਕੇ ਹਰਿਆਣਾ ਅਤੇ ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸ੍ਰੀ ਪਾਰਥ ਗੁਪਤਾ, ਹਰਿਆਣਾ ਸੈਰ-ਸਪਾਟਾ ਵਿਕਾਸ ਨਿਗਮ ਦੇ ਜਨਰਲ ਮੈਨੇਜਰ ਸ੍ਰੀ ਰਾਜੀਵ ਪ੍ਰਸਾਦ ਸਮੇਤ ਹੋਰ ਸੀਨੀਅਰ ਅਧਿਕਾਰੀ ਹਜ਼ਾਰ ਸਨ।