ਪਟਿਆਲਾ (ਮਨਪ੍ਰੀਤ ਸਿੰਘ):- ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ), ਪਟਿਆਲਾ ਦੇ ਮੀਤ ਪ੍ਰਧਾਨ ਅਤੇ ਨਾਭਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਸੰਭਾਵੀ ਉਮੀਦਵਾਰ ਕੁਲਵੰਤ ਸਿੰਘ ਨਾਰੀਕੇ ਵੱਲੋਂ ਹਲਕੇ ਦੇ ਕਾਂਗਰਸੀ ਵਰਕਰਾਂ ਦੀ ਮਿਲਣੀ ਤਹਿਤ ਪਿੰਡ ਦਿੱਤੂਪੁਰ ਜੱਟਾਂ ਦੀ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਵਿੱਚ ਸਮਾਗਮ ਕਰਵਾਇਆ ਗਿਆ।
ਇਸ ਜਨ ਸਭਾ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸਮਾਗਮ ਵਿੱਚ ਪਟਿਆਲਾ ਲੋਕ ਸਭਾ ਹਲਕੇ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੰਚ ਸੰਚਾਲਨ ਦੀ ਭੂਮਿਕਾ ਗੁਰਚਰਨ ਸਿੰਘ ਚੰਨ ਪਟਿਆਲਵੀ ਨੇ ਨਿਭਾਈ। ਗੁਰਪ੍ਰੀਤ ਸਿੰਘ ਸੰਤ ਪਕੌੜੇ ਵਾਲਿਆਂ ਨੇ ਡਾ. ਗਾਂਧੀ ਨੂੰ ਬੁੱਕਾ ਭੇਟ ਕੀਤਾ।
ਆਪਣੇ ਸਵਾਗਤੀ ਭਾਸ਼ਣ ਵਿੱਚ ਕੁਲਵੰਤ ਸਿੰਘ ਨਾਰੀਕੇ ਨੇ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਸਿਆਸਤ ਵਿੱਚ ਸਰਗਰਮ ਹਨ ਅਤੇ ਉਨ੍ਹਾਂ ਨੇ ਸਭ ਤੋਂ ਵੱਧ ਸੇਵਾ ਕਾਂਗਰਸ ਪਾਰਟੀ ਵਿੱਚ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਨੀਤੀ ਦੀ ਵਿਗੜ ਰਹੀ ਦਿਸ਼ਾ ਅਤੇ ਦਸ਼ਾ ਨੂੰ ਸੁਧਾਰਨ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਬਦਲਾਅ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹੀ ਇਹ ਬਦਲਾਅ ਲਿਆ ਸਕਦੀ ਹੈ। ਉਨ੍ਹਾਂ ਨੇ ਜਨ ਸਭਾ ਦੇ ਪ੍ਰਬੰਧ ਲਈ ਜਸਪ੍ਰੀਤ ਸਿੰਘ ਜੋਨੀ ਅਤੇ ਉਨ੍ਹਾਂ ਦੀ ਟੀਮ ਦਾ ਅਤੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸਮਾਗਮ ਨੂੰ ਸਫਲ ਬਣਾਉਣ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ।
ਡਾ. ਧਰਮਵੀਰ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਕੁਲਵੰਤ ਸਿੰਘ ਨਾਰੀਕੇ ਨੂੰ ਕਾਂਗਰਸ ਪਾਰਟੀ ਦਾ ਅਣਥੱਕ ਅਤੇ ਜੁਝਾਰੂ ਵਰਕਰ ਦੱਸਿਆ। ਉਨ੍ਹਾਂ ਕਿਹਾ ਕਿ ਨਾਰੀਕੇ ਪਿਛਲੇ ਚਾਰ ਦਹਾਕਿਆਂ ਤੋਂ ਸਿਆਸਤ ਵਿੱਚ ਸਰਗਰਮ ਹਨ। ਨਾਭਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਅਜਿਹੇ ਲੋਕ-ਪੱਖੀ ਅਤੇ ਇਮਾਨਦਾਰ ਆਗੂਆਂ ਨੂੰ ਅੱਗੇ ਲਿਆਉਣ ਦੀ ਲੋੜ ਹੈ।
ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਬੋਲਦਿਆਂ ਡਾ. ਗਾਂਧੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਪੰਜਾਬ ਦਾ ਮਾਹੌਲ ਗੰਧਲਾ ਕਰ ਦਿੱਤਾ ਹੈ। ਚਾਰੇ ਪਾਸੇ ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਬੋਲਬਾਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਲੁੱਟ ਕੇ ਕੇਜਰੀਵਾਲ ਅਤੇ ਸਿਸੋਦੀਆ ਦੇ ਸਾਥੀ ਦਿੱਲੀ ਲਿਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਹਵਾ, ਪਾਣੀ ਅਤੇ ਮਿੱਟੀ ਜ਼ਹਿਰੀਲੀ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਮਿਸ਼ਨ 2027 ਤਹਿਤ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਅੱਗੇ ਲਿਆਉਣ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਲੋਕਾਂ ਦੀ ਸੱਤਾ ਸਥਾਪਤ ਕਰਕੇ ਪੰਜਾਬ ਨੂੰ ਹਰਿਆ-ਭਰਿਆ ਅਤੇ ਖੁਸ਼ਹਾਲ ਬਣਾ ਸਕਦੀ ਹੈ।
ਜਸਪ੍ਰੀਤ ਸਿੰਘ ਜੋਨੀ ਦੇ ਯਤਨਾਂ ਸਦਕਾ ਪਿੰਡ ਦਿੱਤੂਪੁਰ ਜੱਟਾਂ ਦੇ ਦੋ ਦਰਜਨ ਤੋਂ ਵੱਧ ਵਰਕਰ ਡਾ. ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜਨ ਸਭਾ ਨੂੰ ਘੱਟ ਗਿਣਤੀ ਸੈੱਲ ਦੇ ਜਨਰਲ ਸਕੱਤਰ ਅਜ਼ਮੀਲ ਖ਼ਾਨ ਅਤੇ ਡਾ. ਗਾਂਧੀ ਦੇ ਪੀਏ ਪ੍ਰੋ. ਜਸਵੰਤ ਸਿੰਘ ਨੇ ਵੀ ਸੰਬੋਧਨ ਕੀਤਾ। ਜਨ ਸਭਾ ਸਫਲ ਰਹੀ।
