ਮਾਹਿਲਪੁਰ:- ਲੋਕ ਸਭਾ ਦੇ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਯੂਨੀਅਨ ਬਜਟ 2026–27 ਦੀ ਪੇਸ਼ੀ ਦੀ ਤਾਰੀਖ, ਜੋ ਇਸ ਸਮੇਂ 1 ਫਰਵਰੀ 2026 ਨਿਰਧਾਰਿਤ ਹੈ, ਨੂੰ ਮੁੜ ਤੈਅ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਇਸੇ ਦਿਨ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਗੁਰਪੁਰਬ ਮਨਾਇਆ ਜਾ ਰਿਹਾ ਹੈ। 
ਡਾ. ਚੱਬੇਵਾਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਗੁਰੂ ਰਵਿਦਾਸ ਗੁਰਪੁਰਬ ਦੇਸ਼ ਭਰ ਵਿੱਚ, ਵਿਸ਼ੇਸ਼ ਤੌਰ ’ਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ ਵਿੱਚ ਕਰੋੜਾਂ ਸ਼ਰਧਾਲੂਆਂ ਵੱਲੋਂ ਵੱਡੇ ਪੱਧਰ ’ਤੇ ਮਨਾਈ ਜਾਂਦੀ ਹੈ। ਇਸ ਦਿਨ ਧਾਰਮਿਕ ਨਗਰ ਕੀਰਤਨ ਅਤੇ ਲੰਗਰ ਆਯੋਜਿਤ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਯੂਨੀਅਨ ਬਜਟ ਇੱਕ ਮਹੱਤਵਪੂਰਨ ਰਾਸ਼ਟਰੀ ਕੰਮ ਹੈ, ਜੋ ਦੇਸ਼ ਦੇ ਹਰ ਵਰਗ ਨੂੰ ਪ੍ਰਭਾਵਿਤ ਕਰਦਾ ਹੈ। 
ਐਸੇ ਵਿੱਚ ਇਸ ਦੀ ਪੇਸ਼ੀ ਨੂੰ ਇੱਕ–ਦੋ ਦਿਨ ਅੱਗੇ ਜਾਂ ਪਿੱਛੇ ਕਰਨ ਨਾਲ ਸ਼ਰਧਾਲੂਆਂ ਨੂੰ ਪਵਿੱਤਰ ਦਿਹਾੜੇ ਨੂੰ ਪੂਰੀ ਸ਼ਰਧਾ ਨਾਲ ਮਨਾਉਣ ਦੇ ਨਾਲ ਹੀ ਬਜਟ ਦੀ ਪੇਸ਼ਕਾਰੀ ਦਾ ਵੀ ਹਿੱਸਾ ਬਣਨ ਦਾ ਮੌਕਾ ਮਿਲੇਗਾ। ਡਾ. ਚੱਬੇਵਾਲ ਨੇ ਇਹ ਵੀ ਕਿਹਾ ਕਿ ਬਜਟ ਸੈਸ਼ਨ ਦੀ ਮਿਆਦ ਦੇ ਅੰਦਰ ਤਾਰੀਖ ਵਿੱਚ ਬਦਲਾਅ ਕਰਨ ਲਈ ਕੋਈ ਸੰਵਿਧਾਨਕ ਰੁਕਾਵਟ ਨਹੀਂ ਹੈ, ਅਤੇ ਪਹਿਲਾਂ ਵੀ ਵੱਖ–ਵੱਖ ਤਾਰੀਖਾਂ ’ਤੇ ਬਜਟ ਪੇਸ਼ ਕੀਤਾ ਜਾ ਚੁੱਕਾ ਹੈ। 
ਉਨ੍ਹਾਂ ਨੇ ਆਸ ਜਤਾਈ ਕਿ ਸਰਕਾਰ ਲੱਖਾਂ ਸ਼ਰਧਾਲੂਆਂ ਦੀ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਲਵੇਗੀ, ਜੋ ਸਮਾਜਿਕ ਸਦਭਾਵਨਾ ਨੂੰ ਹੋਰ ਮਜ਼ਬੂਤ ਕਰੇਗਾ।