ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਕਤੂਬਰ, 2026:- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਕਿਆਂ ਦੀ ਵਿਕਰੀ ਲਈ ਅਰਜ਼ੀਆਂ ਦੇਣ ਵਾਲੇ ਲੋਕਾਂ ਨੂੰ 43 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਗਠਿਤ ਕਮੇਟੀ ਵੱਲੋਂ ਅੱਜ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਰਾਅ ਕੱਢਿਆ ਗਿਆ। ਇਹ ਡਰਾਅ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ, ਐਸ.ਡੀ.ਐਮ. ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ, ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਦੀ ਹਾਜ਼ਰੀ ਵਿੱਚ ਪੂਰੀ ਵੀਡੀਓਗ੍ਰਾਫੀ ਹੇਠ ਕੱਢਿਆ ਗਿਆ। ਪਾਰਦਰਸ਼ੀ ਅਤੇ ਨਿਰਪੱਖ ਪਹੁੰਚ ਅਪਣਾਉਂਦਿਆਂ ਡਰਾਅ ਦੀ ਪ੍ਰਕਿਰਿਆ ਆਮ ਲੋਕਾਂ ਦੀ ਹਾਜ਼ਰੀ ਵਿੱਚ ਮੁਕੰਮਲ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਅਨੁਸਾਰ ਸਾਲ 2016 ਵਿੱਚ ਜਾਰੀ ਕੀਤੇ ਗਏ ਲਾਇਸੰਸਾਂ ਦੇ ਮੁਕਾਬਲੇ ਸਿਰਫ਼ 20 ਫ਼ੀਸਦੀ ਲਾਇਸੰਸ ਹੀ ਜਾਰੀ ਕੀਤੇ ਜਾ ਸਕਦੇ ਹਨ।

ਡਰਾਅ ਤੋਂ ਬਾਅਦ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਵਿੱਚ 43 ਆਰਜ਼ੀ ਲਾਇਸੰਸਾਂ ਲਈ ਕੁੱਲ 2,118 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 2,097 ਸਹੀ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਅਤੇ ਬਨੂੜ ਵਿੱਚ ਪਟਾਕਿਆਂ ਦੀ ਵਿਕਰੀ ਲਈ 18 ਲਾਇਸੰਸਾਂ ਵਾਸਤੇ 1,910 ਅਰਜ਼ੀਆਂ ਮਿਲੀਆਂ, ਜਦੋਂਕਿ ਖਰੜ ਅਤੇ ਕੁਰਾਲੀ ਵਿੱਚ ਸੱਤ ਲਾਇਸੰਸਾਂ ਲਈ 31 ਅਰਜ਼ੀਆਂ ਪ੍ਰਾਪਤ ਹੋਈਆਂ। ਨਵਾਂਗਾਉਂ ਲਈ ਕੋਈ ਵੀ ਅਰਜ਼ੀ ਪ੍ਰਾਪਤ ਨਾ ਹੋਣ ਕਰਕੇ ਡਰਾਅ ਨਹੀਂ ਕੱਢਿਆ ਗਿਆ। ਡੇਰਾਬੱਸੀ ਲਈ ਛੇ ਲਾਇਸੰਸਾਂ ਵਾਸਤੇ 162 ਅਰਜ਼ੀਆਂ ਮਿਲੀਆਂ। ਇਸ ਤੋਂ ਇਲਾਵਾ, ਲਾਲੜੂ ਅਤੇ ਜ਼ੀਰਕਪੁਰ ਵਿੱਚ ਪਟਾਕਿਆਂ ਦੀ ਵਿਕਰੀ ਲਈ 12 ਲਾਇਸੰਸਾਂ ਵਾਸਤੇ 15 ਅਰਜ਼ੀਆਂ ਪ੍ਰਾਪਤ ਹੋਈਆਂ। ਜ਼ੀਰਕਪੁਰ ਲਈ ਅੱਠ ਲਾਇਸੰਸਾਂ ਵਾਸਤੇ ਅੱਠ ਹੀ ਅਰਜ਼ੀਆਂ ਮਿਲਣ ਕਰਕੇ ਉੱਥੇ ਡਰਾਅ ਨਹੀਂ ਕੱਢਿਆ ਗਿਆ। ਪ੍ਰਾਪਤ ਅਰਜ਼ੀਆਂ ਅਨੁਸਾਰ ਹੀ ਬਿਨੈਕਾਰਾਂ ਨੂੰ ਲਾਇਸੰਸ ਜਾਰੀ ਕਰ ਦਿੱਤੇ ਜਾਣਗੇ।

ਜ਼ਿਲ੍ਹੇ ਵਿੱਚ ਪਟਾਕਿਆਂ ਦੀ ਵਿਕਰੀ ਨੂੰ ਸੁਚਾਰੂ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਪਟਾਕਿਆਂ ਦੀ ਵਿਕਰੀ ਲਈ ਸਿਰਫ਼ 15 ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਇਨ੍ਹਾਂ ਥਾਵਾਂ ਤੋਂ ਇਲਾਵਾ ਕਿਸੇ ਹੋਰ ਜਗ੍ਹਾ ’ਤੇ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਨਿਰਧਾਰਤ ਮਿਤੀ ਅਤੇ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਪਟਾਕੇ ਚਲਾਉਣ ਜਾਂ ਬਿਨਾਂ ਲਾਇਸੰਸ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਦਾਲਤ ਦੀ ਮਨਜ਼ੂਰੀ ਤੋਂ ਬਿਨਾਂ ਪਟਾਕਾ ਵਪਾਰੀਆਂ ਨੂੰ ਸਥਾਈ ਲਾਇਸੰਸ ਜਾਰੀ ਕਰਨ ’ਤੇ ਰੋਕ ਲਾਈ ਹੋਈ ਹੈ। ਇਸ ਤੋਂ ਇਲਾਵਾ, ਆਰਜ਼ੀ ਲਾਇਸੰਸ ਜਾਰੀ ਕਰਨ ਦੀ ਗਿਣਤੀ ਵੀ ਸੀਮਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 8 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਸ਼ਾਮ 8:00 ਵਜੇ ਤੋਂ ਰਾਤ 10:00 ਵਜੇ ਤੱਕ ਅਤੇ 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4:00 ਵਜੇ ਤੋਂ 5:00 ਵਜੇ ਤੱਕ ਅਤੇ ਰਾਤ 9:00 ਵਜੇ ਤੋਂ 10:00 ਵਜੇ ਤੱਕ ਨਿਰਧਾਰਤ ਆਵਾਜ਼ ਦੀ ਸੀਮਾ ਅੰਦਰ ਹੀ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਨ੍ਹਾਂ ਮਿਤੀਆਂ ਅਤੇ ਸਮਿਆਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੋਈ ਵੀ ਵਸਨੀਕ ਪਟਾਕੇ ਨਹੀਂ ਚਲਾ ਸਕੇਗਾ ਅਤੇ ਸਾਰਿਆਂ ਨੂੰ ਮਾਨਯੋਗ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨੀ ਹੋਵੇਗੀ।

ਕੋਈ ਵੀ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਪਟਾਕਿਆਂ ਦਾ ਭੰਡਾਰ ਨਹੀਂ ਕਰੇਗਾ ਅਤੇ ਨਾ ਹੀ ਬਿਨਾਂ ਲਾਇਸੰਸ ਉਨ੍ਹਾਂ ਦੀ ਵਿਕਰੀ ਕਰੇਗਾ। ਪਟਾਕੇ ਵੇਚਣ ਲਈ ਨਿਰਧਾਰਤ ਥਾਵਾਂ, ਮੁੱਖ ਸ਼ਰਤਾਂ ਅਤੇ ਹੋਰ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ www.sasnagar.nic.in ’ਤੇ ਵੇਖੀ ਜਾ ਸਕਦੀ ਹੈ।